
ਸ਼ਿਕਾਇਤਾਂ ਦਾ ਮੌਕੇ ’ਤੇ ਹੀ ਕੀਤਾ ਜਾਵੇਗਾ ਨਿਪਟਾਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਅਗਲੀ ਐਨ.ਆਰ.ਆਈ. ਮਿਲਣੀ 21 ਅਪ੍ਰੈਲ ਨੂੰ ਸਵੇਰੇ 11 ਵਜੇ ਆਨਲਾਈਨ ਆਯੋਜਿਤ ਕੀਤੀ ਜਾਵੇਗੀ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਧਾਲੀਵਾਲ ਹੋਰਾਂ ਨੇ ਦੱਸਿਆ ਕਿ ਅਪਰਵਾਸੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਪਹਿਲਾਂ ਹੀ ਭੇਜ ਸਕਦੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ’ਤੇ ਹੀ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਪਰਵਾਸੀ ਅੱਜ ਤੋਂ ਹੀ ਆਪਣੀਆਂ ਸ਼ਿਕਾਇਤਾਂ ਵਟਸਅੱਪ ’ਤੇ ਭੇਜਣੀਆਂ ਸ਼ੁਰੂ ਕਰ ਦੇਣ। ਧਾਲੀਵਾਲ ਹੋਰਾਂ ਕਿਹਾ ਕਿ ਅਪਰਵਾਸੀਆਂ ਦੀਆਂ ਸ਼ਿਕਾਇਤਾਂ ਭਾਵੇਂ ਜ਼ਮੀਨਾਂ ਦੀ ਧੋਖਾਦੇਹੀ ਨਾਲ ਸਬੰਧਤ ਹੋਣ ਜਾਂ ਫਿਰ ਹੋਰ ਮਾਮਲਿਆਂ ਨਾਲ ਜੁੜੀਆਂ ਹੋਣ, ਅਸੀਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਮਾਮਲੇ ਅਦਾਲਤਾਂ ਵਿਚ ਵਿਚਾਰ ਅਧੀਨ ਹਨ, ਉਨ੍ਹਾਂ ਬਾਰੇ ਸਰਕਾਰ ਕੋਈ ਵੀ ਕਦਮ ਨਹੀਂ ਚੁੱਕ ਸਕਦੀ।