
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ ਧਾਰਾ 299 ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਦੇ ਵਸਨੀਕ ਇਕ ਵਿਅਕਤੀ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਧਿਆਨ ਰਹੇ ਕਿ ਈਸਾਈ ਭਾਈਚਾਰੇ ਨੇ ਫਿਲਮ ‘ਜਾਟ’ ਵਿਚ ਪ੍ਰਭੂ ਯਿਸੂ ਮਸੀਹ ਦੀ ਬੇਅਦਬੀ ਦੇ ਸੰਬੰਧ ਵਿਚ ਪੁਲਿਸ ਕਮਿਸ਼ਨਰੇਟ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਮਾਮਲਾ ਦਰਜ ਕਰਨ ਲਈ ਇਕ ਮੰਗ ਪੱਤਰ ਵੀ ਦਿੱਤਾ ਸੀ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਆਰੋਪ ਲਗਾਇਆ ਗਿਆ ਹੈ ਕਿ ਫਿਲਮ ‘ਜਾਟ’ ਵਿਚ ਪ੍ਰਭੂ ਯਿਸੂ ਮਸੀਹ ਦੇ ਸਲੀਬ ’ਤੇ ਚੜ੍ਹਾਏ ਜਾਣ ਦੇ ਦਿ੍ਰਸ਼ ਦੀ ਨਕਲ ਕਰਕੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ‘ਜਾਟ’ ਫਿਲਮ ਵਿਚੋਂ ਚਰਚ ਨਾਲ ਸਬੰਧਤ ਵਿਵਾਦਤ ਸੀਨ ਹਟਾ ਦਿੱਤਾ ਗਿਆ ਹੈ।