
ਐਸਜੀਪੀਸੀ ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਕੇਂਦਰ ਸਰਕਾਰ ਵਲੋਂ ਮਿਆਦ ’ਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਧਾਮੀ ਨੇ ਅੰਮਿ੍ਰਤਪਾਲ ਸਿੰਘ ਤੋਂ ਐਨ.ਐਸ.ਏ. ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ। ਧਾਮੀ ਨੇ ਕਿਹਾ ਕਿ ਅੰਮਿ੍ਰਤਪਾਲ ਸਿੰਘ ’ਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।