
ਸਾਊਦੀ ਅਰਬ ਦਾ ਦੌਰਾ ਵਿਚਾਲੇ ਹੀ ਛੱਡ ਵਤਨ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪਹਿਲਗਾਮ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਅਤੇ ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸ੍ਰੀਨਗਰ ਪਹੁੰਚੇ, ਜਿੱਥੇ ਉਨ੍ਹਾਂ ਅੱਤਵਾਦੀ ਹਮਲੇ ਦੌਰਾਨ ਜਾਨ ਗੁਆਉਣ ਵਾਲੇ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੌਰਾਨ 27 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਜਦਕਿ 20 ਤੋਂ ਜ਼ਿਆਦਾ ਵਿਅਕਤੀ ਇਸ ਹਮਲੇ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਦੇ ਵਿੰਗ ਦਾ ਰਜਿਸਟੇਂਸ ਫਰੰਟ ਨੇ ਲਈ ਹੈ ਅਤੇ ਹਮਲੇ ਤੋਂ ਬਾਅਦ ਅੱਤਵਾਦੀ ਭੱਜਣ ਵਿਚ ਕਾਮਯਾਬ ਹੋ ਗਏ ਸਨ। 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਵੱਡਾ ਹਮਲਾ ਹੈ। ਪੁਲਵਾਮਾ ਹਮਲੇ ਦੌਰਾਨ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਉਧਰ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸਾਊਦੀ ਅਰਬ ਦੇ ਦੌਰੇ ਨੂੰ ਵਿਚਾਲੇ ਹੀ ਛੱਡ ਕੇ ਭਾਰਤ ਪਰਤ ਆਏ ਹਨ ਅਤੇ ਉਨ੍ਹਾਂ ਅਧਿਕਾਰੀਆਂ ਨਾਲ ਏਅਰਪੋਰਟ ’ਤੇ ਹੀ ਮੀਟਿੰਗ ਕੀਤੀ। ਉਨ੍ਹਾਂ ਇਸ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਵੀ ਕੀਤੀ ਹੈ। ਉਧਰ ਰਾਸ਼ਟਰਪਤੀ ਦਰੋਪਤੀ ਮੁਰਮੂ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦੇਸ਼ ਦੀ ਸਮੂਹ ਰਾਜਨੀਤਿਕ ਪਾਰਟੀ ਦੇ ਪ੍ਰਮੁੱਖ ਆਗੂਆਂ ਵੱਲੋਂ ਇਸ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।

