7.1 C
Toronto
Wednesday, November 12, 2025
spot_img
Homeਪੰਜਾਬਪੰਜਾਬ ਦੇ 15 ਹਜ਼ਾਰ ਛੱਪੜਾਂ ਦੀ ਹੋਵੇਗੀ ਸਫ਼ਾਈ : ਸੌਂਦ

ਪੰਜਾਬ ਦੇ 15 ਹਜ਼ਾਰ ਛੱਪੜਾਂ ਦੀ ਹੋਵੇਗੀ ਸਫ਼ਾਈ : ਸੌਂਦ

ਛੱਪੜਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 13 ਹਜ਼ਾਰ ਪਿੰਡਾਂ ‘ਚ ਬਣੇ 15 ਹਜ਼ਾਰ ਦੇ ਕਰੀਬ ਛੱਪੜਾਂ ਦੀ ਸਫਾਈ ਕਰਵਾਈ ਜਾਵੇਗੀ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਿੱਤੀ।
ਸੌਂਦ ਨੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 4,573 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ‘ਚੋਂ ਹੀ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕੀਤੀ ਜਾਵੇਗੀ। ਛੱਪੜਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਵੀ ਛੁਡਵਾਏ ਜਾਣਗੇ। ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਪਿੰਡਾਂ ਦੀ ਸਾਰ ਨਹੀਂ ਲਈ ਅਤੇ 25 ਸਾਲਾਂ ਤੋਂ ਤਾਂ ਛੱਪੜਾਂ ਦੀ ਸਫਾਈ ਤੱਕ ਨਹੀਂ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 15 ਹਜ਼ਾਰ ਛੱਪੜਾਂ ‘ਚੋਂ 1100 ਦੇ ਕਰੀਬ ਛੱਪੜਾਂ ‘ਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਕਰਵਾ ਦਿੱਤਾ ਹੈ ਅਤੇ 400 ਦੇ ਲਗਭਗ ਛੱਪੜਾਂ ‘ਚੋਂ ਗਾਰ ਕੱਢੀ ਜਾ ਚੁੱਕੀ ਹੈ। ਉਹ ਸਾਰੇ ਕੰਮਾਂ ਦੀ ਨਿੱਜੀ ਤੌਰ ‘ਤੇ ਸਮੀਖਿਆ ਕਰਨ ਲਈ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚਲੀਆਂ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕਰ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ਦਾ ਵਿਕਾਸ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਪਿੰਡਾਂ ਵਿੱਚ ਗੰਦੇ ਪਾਣੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੀਵਰੇਜ ਟਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਦੇ ਛੱਪੜਾਂ ਨੂੰ ਗਾਰ ਮੁਕਤ ਕੀਤਾ ਜਾਵੇਗਾ ਅਤੇ ਗੰਦਾ ਪਾਣੀ ਬਾਹਰ ਕੱਢਿਆ ਜਾਵੇਗਾ।
ਇਸ ਦੇ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।
ਛੱਪੜਾਂ ਦੀ ਸਫਾਈ ਦੇ ਨਾਂ ‘ਤੇ ਘਪਲਿਆਂ ਦੀ ਹੋਵੇਗੀ ਜਾਂਚ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ‘ਚ ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ ਹੈ। ਅਜਿਹੇ ਛੱਪੜ ਓਵਰ ਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੇਂਡੂ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਦੌਰਾਨ ਛੱਪੜਾਂ ਦੀ ਸਫਾਈ ਦੇ ਨਾਂ ‘ਤੇ ਵੱਡੇ-ਵੱਡੇ ਘਪਲੇ ਕੀਤੇ ਗਏ ਹਨ, ਜਿਸ ਦੀ ਜਾਂਚ ਕਰਵਾਈ ਜਾ ਰਹੀ ਹੈ।

 

 

RELATED ARTICLES
POPULAR POSTS