ਪੰਜਵੀਂ ਮਿਲਣੀ ‘ਚ 82 ਸ਼ਿਕਾਇਤਾਂ ‘ਤੇ ਹੋਈ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਆਨਲਾਈਨ ਐੱਨਆਰਆਈ ਮਿਲਣੀ ਕਰਵਾਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਖੁਦ ਵੀਡੀਓ-ਕਾਨਫਰੰਸਿੰਗ ਰਾਹੀਂ ਐੱਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਸ ਮਿਲਣੀ ‘ਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 63 ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ‘ਤੇ ਪ੍ਰਾਪਤ ਹੋਈਆਂ ਸਨ। ਇਸ ਤੋਂ ਪਹਿਲਾਂ ਚਾਰ ਆਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 488 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਐੱਨਆਰਆਈ ਪੰਜਾਬੀਆਂ ਨੂੰ ਸ਼ਿਕਾਇਤਾਂ ਈਮੇਲ ਅਤੇ ਵਟਸਐਪ ਨੰਬਰ ‘ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।