
ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਦਿੱਤੀ ਹੈ। ਮਜੀਠੀਆ ਖਿਲਾਫ ਚੱਲ ਰਹੇ ਡਰੱਗ ਕੇਸ ਵਿਚ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਅਰਵਿੰਦ ਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਨਹੀਂ ਕਰੇਗਾ। ਬੈਂਚ ਨੇ ਮਜੀਠੀਆ ਅਤੇ ਸੂਬੇ ਦੀ ਜਾਂਚ ਏਜੰਸੀ ਨੂੰ ਕਿਹਾ ਕਿ ਉਹ ਮਾਮਲੇ ਦੀ ਜਾਂਚ ਬਾਰੇ ਮੀਡੀਆ ਨੂੰ ਕੋਈ ਬਿਆਨ ਨਾ ਦੇਣ। ਸੁਪਰੀਮ ਕੋਰਟ ਨੇ ਕਿਹਾ ਕਿ ਮਜੀਠੀਆ ਜੇਕਰ ਡਰੱਗਜ਼ ਮਾਮਲੇ ਵਿਚ ਗਵਾਹਾਂ ਜਾਂ ਮੁਕੱਦਮੇ ਨੂੰ ਅਸਰਅੰਦਾਜ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਨੂੰ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਖੁੱਲ੍ਹ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀ ਜ਼ਮਾਨਤ ਮਗਰੋਂ ਮਜੀਠੀਆ ਪਟਿਆਲਾ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ।