
4 ਮਈ ਨੂੰ ਹੋ ਸਕਦੀ ਹੈ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਕਿਸਾਨ ਆਗੂ ਡੱਲੇਵਾਲ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਉਨ੍ਹਾਂ ਨੂੰ ਐਮ.ਐਸ.ਪੀ. ਅਤੇ ਹੋਰ ਮੰਗਾਂ ਬਾਰੇ 4 ਮਈ ਨੂੰ ਕੇਂਦਰ ਸਰਕਾਰ ਨਾਲ ਹੋਣ ਜਾ ਰਹੀ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਮਿਲ ਗਿਆ ਹੈ। ਜਿਸ ਵਿਚ ਬੈਠਕ ਦਾ ਸਮਾਂ ਤੇ ਸਥਾਨ ਤੈਅ ਕਰਨ ਤੋਂ ਇਲਾਵਾ ਪੰਜਾਬ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਲੋਂ ਹਿੱਸਾ ਲੈਣ ਦੀ ਗੱਲ ਕਹੀ ਗਈ ਹੈ। ਕਿਸਾਨ ਆਗੂ ਡੱਲੇਵਾਲ ਵਲੋਂ ਕਿਹਾ ਗਿਆ ਕਿ ਅਸੀਂ ਇਹ ਮੰਨਦੇ ਹਾਂ ਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੱਲਬਾਤ ਤੋਂ ਨਹੀਂ ਭੱਜਦੇ, ਪਰ ਨਾਲ ਹੀ ਇਹ ਸ਼ਰਤ ਵੀ ਰੱਖੀ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਇਸ ਬੈਠਕ ਵਿਚ ਨਾ ਬੁਲਾਇਆ ਜਾਵੇ।