
ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਿਚ ਅੱਜ ਸੋਮਵਾਰ ਨੂੰ ਔਨਲਾਈਨ ਅਸ਼ਲੀਲ ਕੰਟੈਂਟ ਦੀ ਸਟਰੀਮਿੰਗ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ। ਅਦਾਲਤ ਨੇ ਕੇਂਦਰ ਸਰਕਾਰ ਅਤੇ 9 ਓ.ਟੀ.ਟੀ.-ਸ਼ੋਸ਼ਲ ਮੀਡੀਆ ਪਲੇਟਫਾਰਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਨਯੋਗ ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ਇਕ ਗੰਭੀਰ ਚਿੰਤਾ ਪੈਦਾ ਕਰਦੀ ਹੈ। ਕੇਂਦਰ ਨੂੰ ਇਸ ’ਤੇ ਕਾਰਵਾਈ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਓ.ਟੀ.ਟੀ. ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਮੱਗਰੀ ਸੰਬੰਧੀ ਕੁਝ ਨਿਯਮ ਪਹਿਲਾਂ ਹੀ ਮੌਜੂਦ ਹਨ। ਸਰਕਾਰ ਹੋਰ ਨਵੇਂ ਨਿਯਮ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ। ਉਧਰ ਦੂਜੇ ਪਾਸੇ ਪਟੀਸ਼ਨਕਰਤਾ ਦਾ ਤਰਕ ਹੈ ਕਿ ਅਜਿਹੀ ਸਮੱਗਰੀ ਦਾ ਨੌਜਵਾਨਾਂ ਅਤੇ ਸਮਾਜ ’ਤੇ ਮਾੜਾ ਪ੍ਰਭਾਵ ਪੈਂਦਾ ਹੈ।