
ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਦਿਨੀਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਗ੍ਰਹਿ ਮੰਤਰਾਲੇ ’ਚ ਇਕ ਅਹਿਮ ਮੀਟਿੰਗ ਹੋਈ ਹੈ। ਇਸ ਹਾਈਲੈਵਲ ਮੀਟਿੰਗ ਵਿਚ ਰਾਸ਼ਟਰੀ ਸੁਰੱਖਿਆ ਗਾਰਡ, ਬਾਰਡਰ ਸਕਿਓਰਟੀ ਫੋਰਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਇਸਦੇ ਚੱਲਦਿਆਂ ਕੇਂਦਰ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਵੀ ਦੱਸਣਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਉਧਰ ਦੂਜੇ ਪਾਸੇ ਭਾਰਤ ਨੇ ਅੱਜ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਦੇ ‘ਐਕਸ’ ਹੈਂਡਲ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤ ਨੇ ਲੰਘੇ ਕੱਲ੍ਹ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ ਸੀ।