
ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਅੱਜ ਦਿੱਲੀ ਏਅਰਪੋਰਟ ’ਤੇ ਵਿਦੇਸ਼ ਜਾਣ ਤੋਂ ਰੋਕ ਲਿਆ ਗਿਆ। ਦਿੱਲੀ ਏਅਰਪੋਰਟ ਤੋਂ ਗੱਲਬਾਤ ਕਰਦਿਆਂ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਉਹ ਨਿੱਜੀ ਸਮਾਗਮ ਲਈ ਅਮਰੀਕਾ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ ਹੈ। ਜਥੇਦਾਰ ਛੋਟੇਪੁਰ ਨੇ ਦੱਸਿਆ ਕਿ ਇਸ ਸੰਬੰਧੀ ਇਮੀਗ੍ਰੇਸ਼ਨ ਵਿਭਾਗ ਨੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਸਿਰਫ਼ ਪਾਸਪੋਰਟ ਦਫ਼ਤਰ ਨਾਲ ਤਾਲਮੇਲ ਕਰਨ ਲਈ ਹੀ ਕਿਹਾ ਗਿਆ ਹੈ ਜਦ ਕਿ ਉਨ੍ਹਾਂ ਕੋਲ ਵੈਲਿਡ ਪਾਸਪੋਰਟ ਅਤੇ ਵੀਜ਼ਾ ਉਪਲਬਧ ਹੈ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਅਤੇ ਹੁਣ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ।