Breaking News
Home / ਹਫ਼ਤਾਵਾਰੀ ਫੇਰੀ / ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਹਮਰੁਤਬਾ ਜੈਸ਼ੰਕਰ ਤੇ ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਫੋਨ ‘ਤੇ ਵੱਖੋ ਵੱਖਰੀ ਗੱਲਬਾਤ ਕੀਤੀ
ਨਵੀਂ ਦਿੱਲੀ : ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ ‘ਇਕ ਦੂਜੇ ਨਾਲ ਮਿਲ ਕੇ ਕੰਮ ਕਰਨ’। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਤੇ ਆਪਣੇ ਹਮਰੁਤਬਾ ਐੱਸ.ਜੈਸ਼ੰਕਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਵੱਖੋ ਵੱਖਰੇ ਤੌਰ ‘ਤੇ ਗੱਲਬਾਤ ਕੀਤੀ।
ਜੈਸ਼ੰਕਰ ਨਾਲ ਫੋਨ ‘ਤੇ ਕੀਤੀ ਗੱਲਬਾਤ ਦੌਰਾਨ ਰੂਬੀਓ ਨੇ ਪਹਿਲਗਾਮ ਦਹਿਸ਼ਤੀ ਹਮਲੇ ਵਿਚ ਗਈਆਂ 26 ਜਾਨਾਂ ‘ਤੇ ਦੁੱਖ ਦਾ ਇਜ਼ਹਾਰ ਕੀਤਾ। ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਰੂਬੀਓ ਨੇ ‘ਅਤਿਵਾਦ ਵਿਰੁੱਧ ਭਾਰਤ ਨਾਲ ਸਹਿਯੋਗ ਲਈ ਅਮਰੀਕਾ ਦੀ ਵਚਨਬੱਧਤਾ’ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਭਾਰਤ ਨੂੰ ਦੱਖਣੀ ਏਸ਼ੀਆ ਵਿੱਚ ਤਣਾਅ ਘਟਾਉਣ ਅਤੇ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪਾਕਿਸਤਾਨ ਨਾਲ ਕੰਮ ਕਰਨ ਲਈ ਵੀ ਉਤਸ਼ਾਹਿਤ ਕੀਤਾ।” ਰੂਬੀਓ ਨਾਲ ਫ਼ੋਨ ‘ਤੇ ਗੱਲਬਾਤ ਤੋਂ ਕੁਝ ਘੰਟਿਆਂ ਬਾਅਦ ਜੈਸ਼ੰਕਰ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਦੇ ਦੋਸ਼ੀਆਂ, ਸਮਰਥਕਾਂ ਅਤੇ ਸਾਜ਼ਿਸ਼ਘਾੜਿਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
ਵਿਦੇਸ਼ ਮੰਤਰੀ ਨੇ ‘ਐਕਸ’ ਉੱਤੇ ਕਿਹਾ, ”ਬੁੱਧਵਾਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਪਹਿਲਗਾਮ ਦਹਿਸ਼ਤੀ ਹਮਲੇ ਬਾਰੇ ਚਰਚਾ ਕੀਤੀ। ਇਸ ਦੇ ਦੋਸ਼ੀਆਂ, ਸਮਰਥਕਾਂ ਅਤੇ ਸਾਜ਼ਿਸ਼ਘਾੜਿਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।” ਭਾਰਤ ਨੇ ਇਸ ਭਿਆਨਕ ਹਮਲੇ ਦਾ ‘ਸਰਹੱਦ ਪਾਰ ਸਬੰਧ’ ਹੋਣ ਦਾ ਹਵਾਲਾ ਦਿੰਦੇ ਹੋਏ, ਹਮਲੇ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ। ਇਸ ਦੌਰਾਨ, ਸ਼ਰੀਫ ਨਾਲ ਆਪਣੀ ਗੱਲਬਾਤ ਵਿੱਚ ਰੂਬੀਓ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਨਿੰਦਾ ਕਰਨ ਦੀ ਲੋੜ ਬਾਰੇ ਗੱਲ ਕੀਤੀ।
ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ
ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ‘ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਚੁੱਕਾ ਹੈ। ਇਹ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਕਦਮਾਂ ਖਿਲਾਫ ਜਵਾਬ ਵਿੱਚ ਸੀ।

 

Check Also

ਕੈਨੇਡਾ ‘ਚ ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ

ਲਿਬਰਲ ਪਹਿਲੇ, ਕੰਸਰਵੇਟਿਵ ਦੂਜੇ ਅਤੇ ਬਲਾਕ ਕਿਊਬਿਕ ਤੀਜੇ ਸਥਾਨ ‘ਤੇ, ਐਨਡੀਪੀ ਨੂੰ ਮਿਲੀਆਂ 7 ਸੀਟਾਂ …