ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ‘ਤੇ ਚਿੰਤਾ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇਖਦਿਆਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਵੜਿੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਬਾਅਦ ਰਾਜਸੀ ਆਗੂਆਂ ਦੇ ਘਰਾਂ ਵਿੱਚ ਧਮਾਕੇ ਹੋਏ ਹਨ। ਇਸ ਦੇ ਬਾਵਜੂਦ ਲੰਘੇ ਦਿਨ ਅੰਮ੍ਰਿਤਸਰ ਵਿਚੋਂ 4.5 ਕਿਲੋ ਆਰਡੀਐੱਕਸ ਤੇ ਅਸਲਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਪੰਜਾਬ ਵਿੱਚ ਹਾਲਾਤ ਨਾਜ਼ੁਕ ਬਣਦੇ ਜਾ ਰਹੇ ਹਨ ਜੋ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਲਈ ਠੋਸ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।
ਵੜਿੰਗ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਵੀ ਸੂਬੇ ਦੇ ਹਾਲਾਤ ਨਾਜ਼ੁਕ ਹੁੰਦੇ ਜਾ ਰਹੇ ਹਨ। ਇਸ ‘ਤੇ ਕੇਂਦਰ ਸਰਕਾਰ ਵੀ ਕੋਈ ਠੋਸ ਕਾਰਵਾਈ ਕਰਨ ਵਿੱਚ ਕਾਮਯਾਬ ਨਹੀਂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੰਵਿਧਾਨ ਨੂੰ ਛਿੱਕੇ ਟੰਗ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ 11 ਮਈ ਨੂੰ ਸੰਗਰੂਰ ਵਿੱਚ ‘ਸੰਵਿਧਾਨ ਬਚਾਓ’ ਰੈਲੀ ਕੱਢੀ ਜਾਵੇਗੀ। ਇਸ ਵਿੱਚ ਪਾਰਟੀ ਦੇ ਕੌਮੀ ਆਗੂ ਵੀ ਸ਼ਾਮਲ ਹੋਣਗੇ।
ਵੜਿੰਗ ਨੇ ਸੂਬਾ ਸਰਕਾਰ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵਿਆਂ ‘ਤੇ ਵੀ ਸ਼ੱਕ ਜ਼ਾਹਰ ਕੀਤਾ ਹੈ।