
ਕੇਂਦਰ ਸਰਕਾਰ ਖਿਲਾਫ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਲਗਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਭਗਵੰਤ ਮਾਨ ਸਰਕਾਰ ਦੀ ਗੱਲ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਬਾਜਵਾ ਨੇ ਅੱਗੇ ਕਿਹਾ ਕਿ ਭਾਵੇਂ ਇਹ ਅਗਨੀਵੀਰ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਮਤਾ, ਜਦੋਂ ਵੀ ਸਰਕਾਰ ਕੋਈ ਮਤਾ ਲੈ ਕੇ ਆਈ, ਅਸੀਂ ਉਸ ਦਾ ਸਮਰਥਨ ਕੀਤਾ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਸਾਨੂੰ ਧੋਖਾ ਦਿੱਤਾ ਅਤੇ ਸਾਡੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਤਕੜੇ ਹੋ ਕੇ ਇਹ ਲੜਾਈ ਲੜੋ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਸੀ ਕਿ ਪਾਣੀ ਪੰਜਾਬ ਲਈ ਬਹੁਤ ਵੱਡੀ ਲੋੜ ਹੈ। ਅਸੀਂ ਹਰਿਆਣਾ ਨੂੰ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਕੇਂਦਰ ਦੋਵੇਂ ਸਰਕਾਰਾਂ ਪੰਜਾਬ ਤੋਂ ਪਾਣੀ ਲੁੱਟਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਜਿਹਾ ਕਦੇ ਨਹੀਂ ਹੋਣ ਦੇਵੇਗੀ।