ਅੰਮਿ੍ਰਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਅੱਜ ਸਵੇੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਹੁਕਮਾਂ ਤੱਕ ਲਾਂਘਾ ਬੰਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਅਜਿਹੀਆਂ ਅਫਵਾਹਾਂ ਸਨ ਕਿ ਲਾਂਘਾ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ, ਅੱਜ ਸਵੇਰ ਤੱਕ ਅਜਿਹੀ ਕੋਈ ਗੱਲ ਨਹੀਂ ਸੀ, ਪਰ ਫਿਰ ਲਾਂਘਾ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ। ਇਸਦੇ ਚੱਲਦਿਆਂ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਕੀਤੀਆਂ ਗਈਆਂ ਅਤੇ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮਿ੍ਰਤਸਰ ਦਾ ਹਵਾਈ ਅੱਡਾ ਭਾਰਤ ਪਾਕਿ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨਾਂ ਤੋਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ।