ਐਡਵੋਕੇਟ ਧਾਮੀ ਨੇ ਵੀ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਵਿਚਕਾਰ ਪੈਦਾ ਹੋਈ ਤਲਖੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੁਣਛ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੌਰਾਨ ਚਾਰ ਗੁਰਸਿੱਖ ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅ ਤੋਂ ਬਾਅਦ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।