ਪ੍ਰਧਾਨ ਮੰਤਰੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨਾਲ ਵੀ ਕੀਤੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ। ਪੀਐਮ ਨੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ’ਤੇ ਭਾਰਤੀ ਹਥਿਆਰਬੰਦ ਬਲਾਂ ਦੇ ਸਟੀਕ ਹਮਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਤੇ ਫਿਰ ਕੇਂਦਰੀ ਕੈਬਨਿਟ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੀਟਿੰਗ ਵਿਚ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੋਦੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੌਮੀ ਫੌਜੀ ਪ੍ਰਤੀਕਿਰਿਆ ਦੇ ਟੀਚਿਆਂ, ਢੰਗ ਅਤੇ ਸਮਾਂ ਤੈਅ ਕਰਨ ਲਈ ਹਥਿਆਰਬੰਦ ਬਲਾਂ ਨੂੰ ਪਹਿਲਾਂ ਹੀ ਪੂਰੀ ਖੁੱਲ੍ਹ ਦੇ ਦਿੱਤੀ ਸੀ।