
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਦੇ ਘਟਨਾਕ੍ਰਮ ’ਤੇ ਚਰਚਾ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਰਾਜ ਸਭਾ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂਆਂ ਨੇ 28 ਅਪ੍ਰੈਲ 2025 ਨੂੰ ਲਿਖੇ ਪੱਤਰਾਂ ਰਾਹੀਂ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਬੇਨਤੀ ਕੀਤੀ ਸੀ।’’ ਖੜਗੇ ਨੇ ਕਿਹਾ, ‘‘ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੀ ਸਹਿਮਤੀ ਨਾਲ ਤੁਹਾਨੂੰ ਪਹਿਲਾਂ ਹੀ ਮੁੜ ਪੱਤਰ ਲਿਖ ਕੇ ਪਹਿਲਗਾਮ ਦਹਿਸ਼ਤੀ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਪਹਿਲਾਂ ਵਾਸ਼ਿੰਗਟਨ ਡੀਸੀ ਅਤੇ ਮਗਰੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਕੀਤੇ ਜੰਗਬੰਦੀ ਦੇ ਐਲਾਨਾਂ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਹੈ।’’ ਖੜਗੇ ਨੇ ਕਿਹਾ, ‘‘ਰਾਜ ਸਭਾ ਵਿਚ ਵਿਰੋਧੀ ਧਿਰ ਦਾ ਆਗੂ ਹੋਣ ਦੇ ਨਾਤੇ ਮੈਂ ਉਪਰੋਕਤ ਬੇਨਤੀ ਦੀ ਹਮਾਇਤ ਕਰਦਾ ਹਾਂ। ਮੈਂ ਵਿਸ਼ਵਾਸ ਕਰਦਾ ਹਾਂ ਕਿ ਤੁਸੀਂ ਇਸ ਨੂੰ ਸਹਿਮਤੀ ਦਿਓਗੇ।’’

