ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ
ਨੰਗਲ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ’ਤੇ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ਦੀ ਤਿਆਰੀ ਵਿੱਚ ਸੀ, ਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਸ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ‘ਆਪ’ ਵਰਕਰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ਨੂੰ ਲੈ ਕੇ ਇੱਕ ਹਫਤੇ ਤੋਂ ਨੰਗਲ ਡੈਮ ਗੇਟਾਂ ਦੇ ਲਗਾਤਾਰ ਧਰਨੇ ’ਤੇ ਹਨ। ਇਨ੍ਹਾਂ ਧਰਨਿਆਂ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਕਰ ਰਹੇ ਹਨ। ਬੀਬੀਐਮਬੀ ਨੰਗਲ ਡੈਮ ਤੋਂ ਪਾਣੀ ਛੱਡਣ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ। ਮੁੱਖ ਮੰਤਰੀ ਆਪਣੇ ਸਾਰੇ ਰੁਝੇਵੇਂ ਛੱਡ ਕੇ ਨੰਗਲ ਡੈਮ ਪਹੁੰਚ ਗਏ, ਜਿੱਥੇ ਉਨ੍ਹਾਂ ਡੈਮ ਦੇ ਗੇਟਾਂ ਦਾ ਨਿਰੀਖਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਸਾਡਾ ਹੈ ਇਸ ਨੂੰ ਬਾਹਰ ਭੇਜਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਭਾਵੇਂ ਇਸ ਲਈ ਉਨ੍ਹਾਂ ਨੂੰ ਸਪਰੀਮ ਕੋਰਟ ਹੀ ਕਿਉਂ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਹ ਪਾਣੀ ਹੁਣ ਪੰਜਾਬ ਦੇ ਖੇਤਾਂ ਨੂੰ ਹੀ ਲੱਗੇਗਾ। ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਹੁਣ ਪਾਣੀਆਂ ਦੇ ਰਾਖੇ ਕਿੱਥੇ ਹਨ ਜਿਹੜੇ ਏਸੀ ਟਰਾਲੀਆਂ ਵਿੱਚ ਜਾ ਕੇ ਧਰਨੇ ਲਾਉਂਦੇ ਸਨ। ਉਨ੍ਹਾਂ ਪਾਣੀਆਂ ਦੇ ਮੁੱਦੇ ’ਤੇ ਪੰਜਾਬੀਆਂ ਨੂੰ ਇੱਕ ਹੋਣ ਦਾ ਸੱਦਾ ਦਿੱਤਾ।
Check Also
ਅਪ੍ਰੇਸ਼ਨ ਸਿੰਧੂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖੀ ਵੱਡੀ ਗੱਲ
ਕਿਹਾ : ਜੇ ਪਾਕਿਸਤਾਨ ਗੋਲੀ ਚਲਾਏਗਾ ਤਾਂ ਭਾਰਤ ਵੱਲੋਂ ਗੋਲਾ ਦਾਗਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ …