ਸੀਐਮ ਵਲੋਂ ਮਿ੍ਰਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਘਟਨਾ ’ਤੇ ਸੀਐਮ ਨੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮੱਦਦ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਸੂਬਾ ਸਰਕਾਰ ਵਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਸਖਤ ਸਜ਼ਾ ਮਿਲੇਗੀ, ਚਾਹੇ ਉਹ ਵਿਅਕਤੀ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।