ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਹੋਵੇਗੀ ਸੁਸ਼ੋਭਿਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ। ਫੈਸਲਾ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ, ਸ. ਰਣਧੀਰ ਸਿੰਘ ਚੀਮਾ ਅਤੇ ਬਾਬਾ ਬਿਸ਼ਨ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਐਸਜੀਪੀਸੀ ਪ੍ਰਧਾਨ ਧਾਮੀ ਹੋਰਾਂ ਇਹ ਵੀ ਦੱਸਿਆ ਕਿ ਜੰਮੂ ਕਸ਼ਮੀਰ ਦੇ ਪੁੰਛ ’ਚ ਗੋਲੀਬਾਰੀ ਦੌਰਾਨ ਜਾਨ ਗੁਆਉਣ ਵਾਲੇ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਸਹਾਇਤਾ ਦਿੱਤੀ ਜਾਵੇਗੀ।