20 ਮਈ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਸਬੰਧੀ ਵਿਵਾਦ ਦੌਰਾਨ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਉਧਰ ਦੂਜੇ ਪਾਸੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਟੈਕਨੀਕਲ ਕਮੇਟੀ ਦੀ ਮੀਟਿੰਗ ਜਿਹੜੀ ਅੱਜ ਬੁੱਧਵਾਰ ਨੂੰ ਹੋਣੀ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ। ਹੁਣ ਇਹ ਮੀਟਿੰਗ ਭਲਕੇ 15 ਮਈ ਵੀਰਵਾਰ ਨੂੰ ਹੋਵੇਗੀ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਤਿੰਨੋਂ ਸੂਬਿਆਂ ਲਈ ਜੂਨ ਮਹੀਨੇ ਵਾਸਤੇ ਪਾਣੀ ਦੀ ਐਲੋਕੇਸ਼ਨ ਹੋਵੇਗੀ ਅਤੇ ਇਹ ਸੂਬੇ ਪਾਣੀ ਸਬੰਧੀ ਆਪੋ-ਆਪਣੀ ਡਿਮਾਂਡ ਦੱਸਣਗੇ।