ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਦੇ ਸੀਨੀਅਰ ਅਫਸਰਾਂ ਨੇ ਪੀੜਤ ਪਰਿਵਾਰਾਂ ਤੱਕ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹੋਰ ਲੋਕਾਂ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਵੀ ਇਹ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹ ਆਪਣਾ ਇਲਾਜ ਕਰਵਾਉਣ ਵਾਸਤੇ ਅੱਗੇ ਆਉਣ। ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਕਾਰਨ ਡੀਐਸਪੀ ਸਬ ਡਵੀਜ਼ਨ ਮਜੀਠਾ ਅਤੇ ਐਸ.ਐਚ.ਓ. ਪੁਲਿਸ ਸਟੇਸ਼ਨ ਮਜੀਠਾ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ 15 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਹੋਈਆਂ ਮੌਤਾਂ, ਸਧਾਰਨ ਮੌਤ ਨਹੀਂ ਸਗੋਂ ਕਤਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਚੈਕ ਵੀ ਵੰਡ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਸਖਤ ਕਾਰਵਾਈ ਕਰਦਿਆਂ ਪੁਲਿਸ ਵਿਭਾਗ ਤੇ ਐਕਸਾਈਜ਼ ਵਿਭਾਗ ਦੇ ਦੋ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾਰੀ ਹੈ। ਸਰਕਾਰ ਵਲੋਂ ਸਖ਼ਤ ਸ਼ਬਦਾਂ ਵਿੱਚ ਆਖਿਆ ਗਿਆ ਹੈ ਕਿ ਇਸ ਮਾਮਲੇ ਨਾਲ ਜੁੜਿਆ ਕੋਈ ਵੀ ਵਿਅਕਤੀ ਹੋਵੇ, ਚਾਹੇ ਉਹ ਸਰਕਾਰੇ-ਦਰਬਾਰੇ ਪ੍ਰਭਾਵ ਰੱਖਣ ਵਾਲਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਧਰ ਦੂਜੇ ਪਾਸੇ ਭਾਰਤ ਭਰ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ ਭਰ ‘ਚੋਂ ਅੱਗੇ ਰਿਹਾ ਹੈ ਜਿੱਥੇ 1987 ‘ਚ ਸਭ ਤੋਂ ਵੱਧ 200 ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਸੀ। ਮੌਤਾਂ ਦੀ ਗਿਣਤੀ ਦੇ ਹਿਸਾਬ ਨਾਲ ਦੂਜੇ ਨੰਬਰ ‘ਤੇ ਪੰਜਾਬ ਹੈ ਜਿੱਥੇ ਸਾਲ 2020 ਵਿੱਚ ਜ਼ਹਿਰੀਲੀ ਸ਼ਰਾਬ ਨੇ 121 ਜਾਨਾਂ ਲਈਆਂ ਸਨ। ਪ੍ਰਾਪਤ ਜਾਣਕਾਰੀ ਗੁਜਰਾਤ ‘ਚ ਸਾਲ 1976 ਵਿੱਚ ਸੌ ਮੌਤਾਂ ਅਤੇ 1986 ਵਿੱਚ 108 ਮੌਤਾਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਨ। ਪੰਜਾਬ ਵਿੱਚ ਅਕਤੂਬਰ 2010 ਵਿੱਚ ਦਸੂਹਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 16 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਉਸ ਮਗਰੋਂ ਜੁਲਾਈ-ਅਗਸਤ 2020 ਵਿੱਚ ਮਾਝੇ ਇਲਾਕੇ ਵਿੱਚ 121 ਜਾਨਾਂ ਚਲੀਆਂ ਗਈਆਂ ਸਨ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2024 ਵਿੱਚ ਦਿੜ੍ਹਬਾ ਤੇ ਸੁਨਾਮ ਬਲਾਕ ਵਿੱਚ 20 ਲੋਕਾਂ ਦੀ ਜਾਨ ਜ਼ਹਿਰੀਲੀ ਸ਼ਰਾਬ ਕਾਰਨ ਚਲੀ ਗਈ ਸੀ ਅਤੇ ਹੁਣ ਮਜੀਠਾ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਕਾਰਨ ਦੋ ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ‘ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ‘ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ‘ਚ ਬੈਠ ਕੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਜਾਂਚ ਦੀ ਮੰਗ ਕਰਨਗੇ। ਜਾਖੜ ਨੇ ਕਿਹਾ ਕਿ ਦਿੱਲੀ ਵਾਲਾ ਸ਼ਰਾਬ ਮਾਫ਼ੀਆ ਹੁਣ ਪੰਜਾਬ ‘ਚ ਸਰਗਰਮ ਹੈ ਅਤੇ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤਪਨਾਹੀ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਏ ਕਿ ਦਿੱਲੀ ਤੋਂ ਆਏ ਵੱਡੇ ਆਗੂ ਪੰਜਾਬ ‘ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚੋਂ ਪੈਸਾ ਕਮਾ ਰਹੇ ਹਨ। ਬਿੱਟੂ ਨੇ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਤੋਂ ਸਮਾਂਬੱਧ ਨਿਆਇਕ ਜਾਂਚ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਧਿਕਾਰੀਆਂ ਦੀ ਸਰਪਰਸਤੀ ਬਿਨਾਂ ਅਜਿਹਾ ਸੰਭਵ ਨਹੀਂ ਹੈ। ਵੜਿੰਗ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ 2020 ਵਿੱਚ ਜਦੋਂ ਤਰਨ ਤਾਰਨ ਵਿੱਚ ਇਸੇ ਤਰ੍ਹਾਂ ਦੀ ਸ਼ਰਾਬ ਦੀ ਘਟਨਾ ਵਾਪਰੀ ਸੀ, ਤਾਂ ਉਨ੍ਹਾਂ (ਮਾਨ) ਨੇ ਆਬਕਾਰੀ ਮੰਤਰੀ ਤੋਂ ਅਸਤੀਫਾ ਦੇਣ ਅਤੇ ਉਨ੍ਹਾਂ ਵਿਰੁੱਧ ਕਤਲ ਦੇ ਦੋਸ਼ ਦਰਜ ਕਰਨ ਦੀ ਮੰਗ ਕੀਤੀ ਸੀ। ਵੜਿੰਗ ਨੇ ਕਿਹਾ ਕਿ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਜੀਠਾ ਵਿੱਚ ਵਾਪਰੇ ਸ਼ਰਾਬ ਕਾਂਡ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਨੇ ਜਨਤਕ ਤੌਰ ‘ਤੇ ਕਿਹਾ ਹੈ ਕਿ ਅਜਿਹੀ ਤ੍ਰਾਸਦੀ ਸਿਆਸੀ ਆਗੂਆਂ, ਨੌਕਰਸ਼ਾਹੀ ਅਤੇ ਪੁਲਿਸ ਦੀ ਸਹਾਇਤਾ ਤੋਂ ਬਿਨਾਂ ਨਹੀਂ ਹੋ ਸਕਦੀ।
Check Also
ਕੈਨੇਡਾ ਦੀਆਂ ਚੋਣਾਂ ਅਤੇ ਚੁਣੌਤੀਆਂ
ਐਤਕੀਂ ਕੈਨੇਡਾ ਦੀਆਂ ਚੋਣਾਂ ਕਈ ਕੋਣਾਂ ਤੋਂ ਮਹੱਤਵਪੂਰਨ ਸਨ। ਚੋਣ ਕਿਆਸ ਕੈਨੇਡਾ ਦੇ ਮੌਸਮ ਵਾਂਗ …