Breaking News
Home / ਪੰਜਾਬ / ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ

ਮੁਲਜ਼ਮਾਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਰਾਜਾ ਵੜਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ‘ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ‘ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ‘ਚ ਬੈਠ ਕੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਜਾਂਚ ਦੀ ਮੰਗ ਕਰਨਗੇ। ਜਾਖੜ ਨੇ ਕਿਹਾ ਕਿ ਦਿੱਲੀ ਵਾਲਾ ਸ਼ਰਾਬ ਮਾਫ਼ੀਆ ਹੁਣ ਪੰਜਾਬ ‘ਚ ਸਰਗਰਮ ਹੈ ਅਤੇ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤਪਨਾਹੀ ਹੈ। ਸੰਗਰੂਰ ਦੇ ਸ਼ਰਾਬ ਕਾਂਡ ਤੋਂ ਵੀ ‘ਆਪ’ ਸਰਕਾਰ ਨੇ ਸਬਕ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਲੀਡਰਸ਼ਿਪ ਹੁਣ ਪੰਜਾਬ ਦੀ ਆਰਥਿਕ ਲੁੱਟ ਕਰਨ ਲਈ ਇੱਥੇ ਪੁੱਜੀ ਹੈ। ਇਹ ਆਗੂ ਕਿਸ ਹੈਸੀਅਤ ਵਿੱਚ ਪੰਜਾਬ ‘ਚ ਸਰਕਾਰੀ ਮੀਟਿੰਗਾਂ ਕਰ ਰਹੇ ਹਨ। ਰਾਜਪਾਲ ਤੋਂ ਮਜੀਠਾ ਸ਼ਰਾਬ ਕਾਂਡ ਵਿੱਚ ਦਿੱਲੀ ਦੇ ਆਗੂਆਂ ਦੀ ਭੂਮਿਕਾ ਦੀ ਜਾਂਚ ਵੀ ਮੰਗੀ ਜਾਵੇਗੀ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਏ ਕਿ ਦਿੱਲੀ ਤੋਂ ਆਏ ਵੱਡੇ ਆਗੂ ਪੰਜਾਬ ‘ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚੋਂ ਪੈਸਾ ਕਮਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਰਾਬ ਮਾਫ਼ੀਆ ‘ਆਪ’ ਦੀ ਦਿੱਲੀ ਲੀਡਰਸ਼ਿਪ ਦੀ ਸ਼ਹਿ ‘ਤੇ ਚੱਲ ਰਿਹਾ ਹੈ। ਬਿੱਟੂ ਨੇ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਤੋਂ ਸਮਾਂਬੱਧ ਨਿਆਇਕ ਜਾਂਚ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਧਿਕਾਰੀਆਂ ਦੀ ਸਰਪਰਸਤੀ ਬਿਨਾਂ ਅਜਿਹਾ ਸੰਭਵ ਨਹੀਂ ਹੈ। ਵੜਿੰਗ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ 2020 ਵਿੱਚ ਜਦੋਂ ਤਰਨ ਤਾਰਨ ਵਿੱਚ ਇਸੇ ਤਰ੍ਹਾਂ ਦੀ ਸ਼ਰਾਬ ਦੀ ਘਟਨਾ ਵਾਪਰੀ ਸੀ, ਤਾਂ ਉਨ੍ਹਾਂ (ਮਾਨ) ਨੇ ਆਬਕਾਰੀ ਮੰਤਰੀ ਤੋਂ ਅਸਤੀਫਾ ਦੇਣ ਅਤੇ ਉਨ੍ਹਾਂ ਵਿਰੁੱਧ ਕਤਲ ਦੇ ਦੋਸ਼ ਦਰਜ ਕਰਨ ਦੀ ਮੰਗ ਕੀਤੀ ਸੀ। ਵੜਿੰਗ ਨੇ ਕਿਹਾ ਕਿ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

 

Check Also

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …