ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ 26 ਭਾਰਤੀਆਂ ਦੀ ਮੌਤ ਨੂੰ ਲੈ ਕੇ ਦੇਸ਼ਵਾਸੀਆਂ ਦੇ ਮਨਾਂ ਵਿੱਚ ਬਹੁਤ ਗੁੱਸਾ ਅਤੇ ਨਾਰਾਜ਼ਗੀ ਸੀ। ਭਾਰਤ ਨੇ ‘ਅਪਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਤੇ ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਡਟ ਕੇ ਸਾਹਮਣਾ ਕੀਤਾ ਤੇ ਗੁਆਂਢੀ ਮੁਲਕ ਦੇ ਪੈਰ ਨਹੀਂ ਲੱਗਣ ਦਿੱਤੇ। ਸਿਸੋਦੀਆ ਨੇ ਸਵਾਲ ਕੀਤਾ ਕਿ ਇਸਦੇ ਬਾਵਜੂਦ ਭਾਰਤ ਵੱਲੋਂ ਜੰਗਬੰਦੀ ਕਿਉਂ ਕੀਤੀ ਗਈ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸਿਸੋਦੀਆ ਨੇ ਕਿਹਾ ਕਿ ਪਾਕਿਸਤਾਨ ਨੇ ਜੇਕਰ ਜੰਗਬੰਦੀ ਲਈ ਹੱਥ ਬੰਨ ਕੇ ਭਾਰਤ ਮੂਹਰੇ ਬੇਨਤੀ ਕੀਤੀ ਹੈ ਤਾਂ ਭਾਰਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਕੋਈ ਲਿਖਤੀ ਸਮਝੌਤਾ ਕਿਉਂ ਨਹੀਂ ਕੀਤਾ। ਜਦੋਂ ਕਿ 1971 ਦੀ ਜੰਗ ਤੋਂ ਬਾਅਦ ਲਿਖਤੀ ਸਮਝੌਤਾ ਕੀਤਾ ਗਿਆ ਸੀ। ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜੰਗਬੰਦੀ ਦਾ ਐਲਾਨ ਕੀਤੇ ਜਾਣਾ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਭਾਰਤੀ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਹੀਂ ਕਰਨ ਦੇਣੀ ਚਾਹੀਦੀ ਹੈ। ਇਸ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ।
ਸਿਸੋਦੀਆ ਨੇ ਕਿਹਾ ਕਿ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਮੌਤ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਬਹੁਤ ਨਾਰਾਜ਼ਗੀ ਪਾਈ ਜਾ ਰਹੀ ਹੈ ਹੁਣ ਜੰਗਬੰਦੀ ਤੋਂ ਬਾਅਦ ਉਨ੍ਹਾਂ ਨੂੰ ਇਨਸਾਫ ਕਿਵੇਂ ਦਿੱਤਾ ਜਾਵੇਗਾ। ਇਸ ਬਾਰੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜੰਗਬੰਦੀ ਨੂੰ ਲੈ ਕੇ ਭਾਰਤ ਦੇ ਕਰੋੜਾਂ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ, ਜਿਨ੍ਹਾਂ ਦਾ ਜਵਾਬ ਪ੍ਰਧਾਨ ਮੰਤਰੀ ਨੂੰ ਦੇਣਾ ਚਾਹੀਦਾ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।