ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਨੂੰ ਭਾਈਵਾਲ ਬਣਨ ਦੀ ਕੀਤੀ ਅਪੀਲ
ਨਵਾਂਸ਼ਹਿਰ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਸਨ। ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਨੂੰ ਭਾਈਵਾਲ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਸਰਕਾਰ ਦੀ ਨਹੀਂ ਹੈ, ਸਗੋਂ ਇਹ ਹਰ ਪੰਜਾਬੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਖੁਦ ਜਾਗਰੂਕ ਨਹੀਂ ਹੁੰਦੇ, ਉਦੋਂ ਤੱਕ ਇਸ ਜ਼ਹਿਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੂਬਾ ਸਰਕਾਰ ਨੇ ਇਕ ਵਿਸ਼ੇਸ਼ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ ਅਤੇ ਜਿਸ ’ਤੇ ਨਾਗਰਿਕ ਨਸ਼ਾ ਤਸਕਰੀ ਬਾਰੇ ਗੁਪਤ ਸੂਚਨਾ ਦੇ ਸਕਦੇ ਹਨ। ਇਸ ਮੌਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਸਹੁੰ ਵੀ ਚੁਕਵਾਈ ਗਈ।