
ਵਿਜੈ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਖਿਲਾਫ ਕੀਤੀ ਸੀ ਵਿਵਾਦਤ ਟਿੱਪਣੀ
ਭੋਪਾਲ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਸਰਕਾਰ ਨੇ ਭਾਜਪਾ ਦੇ ਨੇਤਾ ਅਤੇ ਸੂਬਾਈ ਮੰਤਰੀ ਮੰਡਲ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਮੱਧ ਪ੍ਰਦੇਸ਼ ਸਰਕਾਰ ਨੂੰ ਸਿੱਟ ਬਣਾਉਣ ਦੇ ਨਿਰਦੇਸ਼ ਦੇਣ ਤੋਂ ਬਾਅਦ ਲਿਆ ਗਿਆ ਹੈ। ਇਸ ਜਾਂਚ ਟੀਮ ਵਿੱਚ ਇੱਕ ਮਹਿਲਾ ਅਧਿਕਾਰੀ ਸਣੇ ਤਿੰਨ ਆਈਪੀਐੱਸ ਅਧਿਕਾਰੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਵਿਜੈ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਖ਼ਿਲਾਫ ਵਿਵਾਦਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ‘ਅਤਿਵਾਦੀਆਂ ਦੀ ਭੈਣ’ ਕਿਹਾ ਸੀ। ਸੁਪਰੀਮ ਕੋਰਟ ਨੇ ਪੁਲਿਸ ਡਾਇਰੈਕਟਰ ਜਨਰਲ ਨੂੰ 20 ਮਈ ਤੱਕ ਸਿੱਟ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਮੰਤਰੀ ਦੀਆਂ ਟਿੱਪਣੀਆਂ ਨੂੰ ‘ਘਟੀਆ ਅਤੇ ਸ਼ਰਮਨਾਕ’ ਕਰਾਰ ਦਿੰਦਿਆਂ ਅਦਾਲਤ ਨੇ ਸ਼ਾਹ ਦੀ ਜਨਤਕ ਮੁਆਫ਼ੀ ਨੂੰ ਵੀ ਰੱਦ ਕਰ ਦਿੱਤਾ ਸੀ।