ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੌਕੇ ਹੋਏ ਪੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਬੁੱਧਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਹੈ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਹੋਰ ਸਿੱਖ ਆਗੂ ਵੀ ਪੇਸ਼ ਹੋਏ ਹਨ। ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਰਹੇ। ਇਕੱਤਰਤਾ ਉਪਰੰਤ ਅਕਾਲ ਤਖਤ ਸਾਹਿਬ ਤੋਂ ਦੋ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਹੈ।