ਅੰਮਿ੍ਰਤਸਰ/ਬਿਊਰੋ ਨਿਊਜ਼
ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਜਿਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ ਬਣੀ ਕਮੇਟੀ ਵਲੋਂ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ, ਉਸਦੇ ਆਧਾਰ ’ਤੇ ਉਨ੍ਹਾਂ ’ਤੇ ਧਰਮ ਪ੍ਰਚਾਰ ਤੇ ਧਾਰਮਿਕ ਸਰਗਰਮੀਆਂ ਕਰਨ ’ਤੇ ਲਗਾਈ ਰੋਕ ਹਟਾ ਦਿੱਤੀ ਗਈ ਹੈ। ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਜਿਨ੍ਹਾਂ ਨੂੰ ਪਿਛਲੇ ਸਮੇਂ ਵਿਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਵੀ 11 ਦਿਨ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਪਾਠ ਕਰਨ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਜਿਨ੍ਹਾਂ ਵਲੋਂ ਸਾਲ 2015 ਵਿਚ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਪੱਤਰ ’ਤੇ ਦਸਤਖਤ ਕੀਤੇ ਗਏ ਸਨ, ਉਨ੍ਹਾਂ ਨੂੰ ਵੀ 11 ਦਿਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।