Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਗਿਆਨੀ ਰਣਜੀਤ ਸਿੰਘ ਗੌਹਰ ਦੋਸ਼ ਮੁਕਤ, ਪਟਨਾ ਸਾਹਿਬ ਦੀ ਕਮੇਟੀ ਤਲਬ
ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ ਪ੍ਰਵਾਨ ਕਰ ਲਿਆ। ਇਸ ਮਗਰੋਂ ਉਨ੍ਹਾਂ ਢੱਡਰੀਆਂ ਵਾਲੇ ਨੂੰ ਧਰਮ ਪ੍ਰਚਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਜਦਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਨਖਾਹ ਲਾਈ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਮੀਟਿੰਗ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਮੌਜੂਦ ਸਨ। ਮੀਟਿੰਗ ਦੌਰਾਨ ਕਰੀਬ ਸੱਤ ਅਜਿਹੇ ਮਾਮਲੇ ਵਿਚਾਰੇ ਗਏ ਜਿਨ੍ਹਾਂ ਵਿੱਚ ਖਿਮਾ ਯਾਚਨਾ ਦੀ ਅਪੀਲ ਨੂੰ ਸਵੀਕਾਰ ਕੀਤਾ ਗਿਆ ਅਤੇ ਕੁਝ ਮਾਮਲਿਆਂ ਵਿੱਚ ਵਿਅਕਤੀਆਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਪੱਖ ਸੁਣਨ ਮਗਰੋਂ ਉਸ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ ਸਿੱਖੀ ਪ੍ਰਚਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ਼ਰਤਾਂ ਪ੍ਰਵਾਨ ਕੀਤੇ ਜਾਣ ਮਗਰੋਂ ਢੱਡਰੀਆਂ ਵਾਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਜਥੇਦਾਰ ਗੜਗੱਜ ਨੇ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ‘ਤੇ ਲੱਗੇ ਦੋਸ਼ ਸਾਬਤ ਨਾ ਹੋਣ ਕਾਰਨ ਉਨ੍ਹਾਂ ਨੂੰ ਦੋਸ਼ਾਂ ਤੋਂ ਮੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ‘ਤੇ ਲੱਗੀ ਰੋਕ ਖ਼ਤਮ ਕਰ ਦਿੱਤੀ ਗਈ ਹੈ। ਜਥੇਦਾਰ ਨੇ ਦੱਸਿਆ ਕਿ ਗਿਆਨੀ ਗੌਹਰ ‘ਤੇ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਵਾਸਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਕੋਲੋਂ ਜਾਂਚ ਕਮੇਟੀ ਦੀ ਰਿਪੋਰਟ ਮੰਗੀ ਗਈ ਸੀ ਪਰ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ। ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਕਿ ਪ੍ਰਧਾਨ ਸਮੇਤ ਸਾਰੇ ਅਹੁਦੇਦਾਰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ।

 

 

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …