ਪਾਰਟੀ ਪ੍ਰਧਾਨ ਨੇ ਗੁਰਦੀਪ ਸਿੰਘ ਲੀਲ ਦਾ ਅਸਤੀਫ਼ਾ ਨਾਮਨਜ਼ੂਰ ਕੀਤਾ; ਅਕਾਲੀ ਦਲ ਦੇ ਉਮੀਦਵਾਰ ਘੁੰਮਣ ਦੇ ਹੱਕ ‘ਚ ਮੀਟਿੰਗ ਕੀਤੀ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪਾਰਟੀ ‘ਚ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦੀ ਮਿਹਨਤ ਅਤੇ ਹਿੰਮਤ ਸਦਕਾ ਹੀ ਪਾਰਟੀ ਨੂੰ ਪੰਜਾਬ ‘ਚ ਸਰਕਾਰ ਬਣਾਉਣ ਦਾ ਕਈ ਵਾਰ ਮੌਕਾ ਮਿਲਿਆ ਹੈ। ਉਨ੍ਹਾਂ ਨੇ ਇਹ ਗੱਲ ਟਕਸਾਲੀ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ।
ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ‘ਚ ਹਲਕਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ‘ਚ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੌਰਾਨ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਟਕਸਾਲੀ ਆਗੂ ਗੁਰਦੀਪ ਸਿੰਘ ਲੀਲ ਵੱਲੋਂ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਡਟਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਆਗੂ ਲੀਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਲਈ ਦਿਨ-ਰਾਤ ਇੱਕ ਕਰਨਗੇ।