ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਅਕਾਲੀ ਦਲ ਨਾਲ ਜੁੜਨ ਲਈ ਉਤਸ਼ਾਹਿਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਪ੍ਰੈੱਸ ਕਲੱਬ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਭਰਤੀ ਕਮੇਟੀ ਦੇ ਮੈਂਬਰਾਂ ਨੇ ਆਨਲਾਈਨ ਭਰਤੀ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵਿਦੇਸ਼ਾਂ ਵਿੱਚ ਬੈਠੇ ਵਿਅਕਤੀ ਵੀ ਪਾਰਟੀ ਨਾਲ ਜੁੜ ਸਕਣਗੇ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਭਰਤੀ ਦੇ ਅਮਲ ਨੂੰ 18 ਜੂਨ ਤੱਕ ਮੁਕੰਮਲ ਕੀਤਾ ਜਾਵੇਗਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠਾ ਪੰਜਾਬੀ, ਭਾਵੇਂ ਉਹ ਕਿਸੇ ਵੀ ਜਾਤ ਧਰਮ ਨਾਲ ਸਬੰਧਤ ਹੈ ਉਹ ਖੁਦ ਵੀ ਮੈਂਬਰ ਬਣੇ ਅਤੇ ਆਪਣੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ, ਦੋਸਤਾਂ ਸਕੇ ਸਬੰਧੀਆਂ ਨੂੰ ਵੀ ਜਾਰੀ ਆਨਲਾਈਨ ਫਾਰਮ ਭਰ ਕੇ ਮੈਂਬਰ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੂਨ ਦੇ ਪਹਿਲੇ ਹਫ਼ਤੇ ਘੱਲੂਘਾਰਾ ਹਫ਼ਤਾ ਹੋਣ ਕਰਕੇ ਭਰਤੀ ਦਾ ਕੰਮ ਨਹੀਂ ਚਲਾਇਆ ਜਾਵੇਗਾ। ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਵੱਡੀ ਗਿਣਤੀ ਵਿੱਚ ਪੰਜਾਬੀ ਅਕਾਲੀ ਦਲ ਨਾਲ ਜੁੜਨ ਲਈ ਉਤਸ਼ਾਹਿਤ ਹਨ।