ਪੰਜਾਬ ਦਾ ਸਿਆਸੀ ਮਾਹੌਲ ਭਖਿਆ; ਵਿਰੋਧੀ ਧਿਰਾਂ ਵੱਲੋਂ ਸਰਕਾਰ ਦੀ ਘੇਰਾਬੰਦੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵੱਖ-ਵੱਖ ਬੋਰਡਾਂ ਦੇ ਨਵੇਂ ਅੱਧੀ ਦਰਜਨ ਚੇਅਰਮੈਨ ਨਿਯੁਕਤ ਕੀਤੇ ਹਨ ਜਿਨ੍ਹਾਂ ‘ਚ ਦੋ ਗੈਰ ਪੰਜਾਬੀ ਚਿਹਰੇ ਵੀ ਹਨ। ‘ਆਪ’ ਦੀ ਦਿੱਲੀ ਲੀਡਰਸ਼ਿਪ ਦੇ ਕਰੀਬੀ ਤੇ ਪਾਰਟੀ ‘ਚ ਕੰਮ ਕਰਦੇ ਦੋ ਚਿਹਰਿਆਂ ਦੀ ਚੇਅਰਮੈਨ ਵਜੋਂ ਨਿਯੁਕਤੀ ਮਗਰੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ‘ਆਪ’ ਦੀ ਕੌਮੀ ਤਰਜਮਾਨ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਲਾਇਆ ਗਿਆ ਹੈ ਜਦਕਿ ਸੰਸਦ ਮੈਂਬਰ ਸੰਦੀਪ ਪਾਠਕ ਦੇ ਨੇੜਲੇ ਦੀਪਕ ਚੌਹਾਨ ਨੂੰ ‘ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ’ ਦਾ ਚੇਅਰਮੈਨ ਲਾਇਆ ਗਿਆ ਹੈ। ਦੀਪਕ ਚੌਹਾਨ ਉੱਤਰ ਪ੍ਰਦੇਸ਼ ਦੇ ਬਾਸ਼ਿੰਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੋਰਡਾਂ ਤੇ ਨਿਗਮਾਂ ਦੇ ਪੰਜ ਚੇਅਰਮੈਨ, ਦੋ ਵਾਈਸ ਚੇਅਰਮੈਨ, 17 ਡਾਇਰੈਕਟਰ ਅਤੇ ਸੱਤ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ 31 ਅਹੁਦਿਆਂ ਤੋਂ ਇਲਾਵਾ ਸਾਇੰਸ ਤੇ ਤਕਨਾਲੋਜੀ ਵਿਭਾਗ ਨੇ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰੀਨਾ ਗੁਪਤਾ ‘ਆਪ’ ਦੀ ਸਾਬਕਾ ਪਾਰਟੀ ਸਕੱਤਰ ਵਜੋਂ ਵੀ ਕੰਮ ਕਰ ਚੁੱਕੀ ਹੈ। ਵਿਰੋਧੀ ਧਿਰਾਂ ਨੇ ਹਾਕਮ ਧਿਰ ‘ਤੇ ਬਾਹਰੀ ਲੋਕਾਂ ਦੇ ਪੰਜਾਬ ਦੀ ਵਾਗਡੋਰ ਸੰਭਾਲਣ ਦੇ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਨਵੀਂ ਚੇਅਰਪਰਸਨ ਰੀਨਾ ਗੁਪਤਾ ਕਈ ਮੌਕਿਆਂ ‘ਤੇ ਪੰਜਾਬ ‘ਚ ਪਰਾਲੀ ਸਾੜਨ ‘ਤੇ ਕਾਬੂ ਪਾਉਣ ‘ਚ ਪਿਛਲੀ ਕਾਂਗਰਸ ਸਮੇਂ ਦਿਖਾਈ ਗਈ ਨਾਕਾਮੀ ‘ਤੇ ਵੀ ਬੋਲ ਚੁੱਕੀ ਹੈ। ਰੀਨਾ ਗੁਪਤਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪਹਿਲੀ ਮਹਿਲਾ ਚੇਅਰਪਰਸਨ ਹੋਵੇਗੀ। ਉਸ ਤੋਂ ਪਹਿਲਾਂ ਪ੍ਰੋ. ਆਦਰਸ਼ ਪਾਲ ਵਿੱਜ ਚੇਅਰਮੈਨ ਸਨ। ਪਿਛਲੇ ਸਮਿਆਂ ਵਿੱਚ ਬੋਰਡ ਦੀ ਚੇਅਰਮੈਨੀ ਦੀ ਵਾਗਡੋਰ ਅੱਠ ਆਈਏਐੱਸ ਅਧਿਕਾਰੀਆਂ ਕੋਲ ਵੀ ਰਹੀ ਹੈ।
ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਪਹਿਲਾਂ ਜਲ ਐਕਟ ‘ਚ ਸੋਧ ਮੌਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਅਤੇ ਹੁਣ ਦਿੱਲੀ ਦੇ ਰੱਦ ਕੀਤੇ ਲੋਕਾਂ ਦੇ ਸਲਾਹਕਾਰਾਂ ਨੂੰ ਪੰਜਾਬ ਵਿੱਚ ਨਿਵਾਜਿਆ ਜਾ ਰਿਹਾ ਹੈ ਜੋ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੀ ਸਨਅਤ ਨੂੰ ਕੰਟਰੋਲ ਕਰਨ ਵਾਸਤੇ ਦਿੱਲੀ ਦੀ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਇਹ ਦਿੱਲੀ ਦੀ ‘ਆਪ’ ਲੀਡਰਸ਼ਿਪ ਦਾ ਪੰਜਾਬ ਨੂੰ ਲੁੱਟਣ ਦਾ ਨਵਾਂ ਤਰੀਕਾ ਹੈ।

