
ਕਿਹਾ : ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਨਵੀਂ ਦਿੱਲੀ ’ਚ ਹੋਈ ਨੀਤੀ ਆਯੋਗ ਦੀ ਮੀਟਿੰਗ ਵਿਚ ਸ਼ਾਮਲ ਹੋਏ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਅਤੇ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇਪੂਰਨ ਸਲੂਕ ਗੈਰ-ਵਾਜਬ ਅਤੇ ਗਲਤ ਹੈ। ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਚ ’ਤੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜਰ ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈਐੱਸਐਲ) ਨਹਿਰ ਦੇ ਨਿਰਮਾਣ ’ਤੇ ਵਿਚਾਰ ਕਰਨ ’ਤੇ ਜੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਵੀ, ਬਿਆਸ ਅਤੇ ਸਤਲੁਜ ਦਰਿਆ ਪਹਿਲਾਂ ਹੀ ਪਾਣੀ ਪੱਖੋਂ ਘਾਟੇ ਵਿੱਚ ਹਨ ਅਤੇ ਵਾਧੂ ਪਾਣੀ ਨੂੰ ਘਾਟੇ ਵਾਲੇ ਬੇਸਿਨਾਂ ਵਿੱਚ ਮੋੜਿਆ ਜਾਣਾ ਚਾਹੀਦਾ ਹੈ।

