
ਹਰਪਾਲ ਸਿੰਘ ਚੀਮਾ ਨੇ ਕਿਹਾ : ਭਿ੍ਰਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਵਰਿੰਦਰ ਸਿੰਘ ਬਰਾੜ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ 4 ਪੁਲਿਸ ਕਰਮਚਾਰੀਆਂ ’ਤੇ ਕਾਰਵਾਈ ਨਹੀਂ ਕੀਤੀ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈਲ ਦੇ ਚਾਰ ਅਧਿਕਾਰੀਆਂ ਨੂੰ ਗਿ੍ਰਫਤਾਰ ਕੀਤਾ ਸੀ। ਇਹ ਚਾਰੋਂ ਅਧਿਕਾਰੀ ਫਾਜ਼ਿਲਕਾ ਵਿਚ ਨਾਬਾਲਗ ’ਤੇ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਦਰਅਸਲ ਇਕ ਨਾਬਾਲਗ ਕੋਲੋਂ ਗਲਤੀ ਨਾਲ ਪੋਰਨ ਸਾਈਟ ’ਤੇ ਕਲਿੱਕ ਹੋ ਗਿਆ ਸੀ, ਜਿਸ ਤੋਂ ਬਾਅਦ ਇਹ ਕਰਮਚਾਰੀ ਬਲੈਕਮੇਲ ਕਰਕੇ ਪਰਿਵਾਰ ਕੋਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ। ਵਿਜੀਲੈਂਸ ਨੇ ਟਰੈਪ ਲਗਾ ਕੇ ਆਰੋਪੀਆਂ ਨੂੰ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ।