18.8 C
Toronto
Saturday, October 18, 2025
spot_img
Homeਸੰਪਾਦਕੀਸ਼੍ਰੋਮਣੀ ਅਕਾਲੀ ਦਲ ਦੇ ਨੀਤੀ ਘਾੜੇ ਵਜੋਂ ਜਾਣੇ ਜਾਂਦੇ ਸਨ ਸੁਖਦੇਵ ਸਿੰਘ...

ਸ਼੍ਰੋਮਣੀ ਅਕਾਲੀ ਦਲ ਦੇ ਨੀਤੀ ਘਾੜੇ ਵਜੋਂ ਜਾਣੇ ਜਾਂਦੇ ਸਨ ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਦਿਮਾਗ ਅਤੇ ਨੀਤੀ ਘਾੜੇ ਵਜੋਂ ਜਾਣੇ ਜਾਂਦੇ ਸੁਖਦੇਵ ਸਿੰਘ ਢੀਂਡਸਾ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਪ੍ਰਧਾਨਗੀ ਤੋਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਹ ਆਪਣੇ ਜੱਦੀ ਪਿੰਡ ਉਭਾਵਾਲ ਦੇ ਸਰਪੰਚ ਬਣੇ। ਇਸ ਮਗਰੋਂ ਉਹ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸੈਂਟਰਲ ਕੋ-ਆਪ੍ਰੇਟਿਵ ਬੈਂਕ ਦੇ ਐੱਮ.ਡੀ. ਬਣੇ। ਪਿੰਡ ਉਭਾਵਾਲ ਵਿੱਚ ਪਿਤਾ ਰਤਨ ਸਿੰਘ ਅਤੇ ਮਾਤਾ ਲਾਭ ਕੌਰ ਦੇ ਘਰ 9 ਅਪਰੈਲ 1936 ਨੂੰ ਜਨਮੇ ਸੁਖਦੇਵ ਸਿੰਘ ਢੀਂਡਸਾ ਪਿੰਡ ਦੀ ਸਰਪੰਚੀ ਤੋਂ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁਦੇ ਤੱਕ ਪੁੱਜੇ। ਢੀਂਡਸਾ ਨੇ ਸੰਨ 1972 ‘ਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ। ਆਜ਼ਾਦ ਚੋਣ ਜਿੱਤਣ ਉਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਐਮਰਜੈਂਸੀ ਦੌਰਾਨ ਜੇਲ੍ਹਾਂ ‘ਚ ਬੰਦ ਰਹੇ। ਸੰਨ 1977 ਵਿੱਚ ਸੁਨਾਮ ਹਲਕੇ ਤੋਂ ਵਿਧਾਨ ਸਭਾ ਚੋਣ ਜਿੱਤੀ। ਇਸ ਤੋਂ ਬਾਅਦ ਸੰਨ 1980 ਵਿਚ ਤੀਜੀ ਵਾਰ ਸੰਗਰੂਰ ਹਲਕੇ ਤੋਂ ਵਿਧਾਇਕ ਬਣੇ। ਫਿਰ ਸ਼੍ਰੋਮਣੀ ਅਕਾਲੀ ਦਲ ਦੇ ਧਰਮਯੁੱਧ ਮੋਰਚੇ ਵਿੱਚ ਮੋਹਰੀ ਭੂਮਿਕਾ ਨਿਭਾਈ ਅਤੇ ਲੰਮਾ ਸਮਾਂ ਜੇਲ੍ਹ ‘ਚ ਬੰਦ ਰਹੇ। ਇਸ ਮਗਰੋਂ ਸੰਨ 1986 ਵਿੱਚ ਮੁੜ ਸੁਨਾਮ ਹਲਕੇ ਤੋਂ ਵਿਧਾਇਕ ਚੁਣੇ ਗਏ।
ਢੀਂਡਸਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਕਰੀਬੀ ਮੰਨੇ ਜਾਂਦੇ ਸਨ। ਸੰਨ 1998 ਵਿੱਚ ਉਹ ਰਾਜ ਸਭਾ ਮੈਂਬਰ ਚੁਣੇ ਗਏ ਅਤੇ ਵਾਜਪਾਈ ਸਰਕਾਰ ਵਿੱਚ ਕੇਂਦਰੀ ਕੈਬਨਿਟ ਮੰਤਰੀ ਬਣੇ। ਸੰਨ 2004 ਵਿੱਚ ਸੰਗਰੂਰ ਲੋਕ ਸਭਾ ਸੀਟ ਜਿੱਤ ਕੇ ਸੰਸਦ ਮੈਂਬਰ ਬਣੇ। ਢੀਂਡਸਾ ਨੇ ਪੰਥਕ ਰਵਾਇਤਾਂ ਤੇ ਸਿਧਾਂਤਾਂ ਦੇ ਉਲਟ ਚੱਲਣ ਕਰਕੇ ਪਾਰਟੀ ਪ੍ਰਧਾਨ ਦੀਆਂ ਕਾਰਵਾਈਆਂ ਦਾ ਡਟ ਕੇ ਵਿਰੋਧ ਵੀ ਕੀਤਾ ਅਤੇ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਕਾਇਮ ਕੀਤਾ।
ਉਨ੍ਹਾਂ ਅਕਾਲੀ ਲੀਡਰਸ਼ਿਪ ਸਮੇਤ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੇਸ਼ ਹੋ ਕੇ ਮੁਆਫ਼ੀਨਾਮਾ ਦਿੱਤਾ ਜਿਸ ਉਪਰੰਤ ਅਕਾਲੀ ਆਗੂਆਂ ਨੂੰ ਤਨਖਾਹ ਲਾਈ ਗਈ। ਢੀਂਡਸਾ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਤਨਖਾਹ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰਦਿਆਂ ਇਸ ਨੂੰ ਸੰਪੂਰਨ ਕੀਤਾ। ਢੀਂਡਸਾ ਪਿਛਲੇ ਕਰੀਬ 40 ਸਾਲਾਂ ਤੋਂ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਟਰੱਸਟ ਦੇ ਪ੍ਰਧਾਨ ਚਲੇ ਆ ਰਹੇ ਸਨ। ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਪਿਛਲੇ ਕੁੱਝ ਸਮੇਂ ਤੋਂ ਠੀਕ ਨਹੀਂ ਸੀ। ਇਨਫੈਕਸ਼ਨ ਵਧਣ ਕਾਰਨ ਢੀਂਡਸਾ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰੰਤੂ ਉਹ ਇਸ ਬਿਮਾਰੀ ਤੋਂ ਉਭਰ ਨਹੀਂ ਸਕੇ ਅਤੇ 89 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਗਏ। ਅਕਾਲੀ ਸਿਆਸਤ ‘ਚ ਨਿਭਾਈਆਂ ਸੇਵਾਵਾਂ ਬਦਲੇ ਢੀਂਡਸਾ ਹਮੇਸ਼ਾ ਲੋਕ ਮਨਾਂ ਵਿੱਚ ਵਸੇ ਰਹਿਣਗੇ। ਉਹ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇੱਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਛੱਡ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਸਾਲ 2019 ਵਿੱਚ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਰਹਿ ਚੁੱਕੇ ਸਨ। ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾਵਾਂ ‘ਚੋਂ ਇੱਕ ਸਨ ਜਿਨ੍ਹਾਂ ਦੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ ਲੰਮੀ ਸਿਆਸੀ ਯਾਤਰਾ ਰਹੀ ਹੈ।
ਉਨ੍ਹਾਂ ਦਾ ਪੰਜਾਬ ਵਿਧਾਨ ਸਭਾ ‘ਚ ਲੰਮਾ ਤਜਰਬਾ ਰਿਹਾ। ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਾਵਾਲ ਵਿੱਚ ਜਨਮੇ ਢੀਂਡਸਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਸਟੂਡੈਂਟ ਕੌਂਸਲ ਦੇ ਸਕੱਤਰ ਵੀ ਚੁਣੇ ਗਏ ਸਨ। ਤਤਕਾਲੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਢੀਂਡਸਾ ਨੂੰ 11 ਮਾਰਚ 2019 ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਭੂਸ਼ਨ ਨਾਲ ਸਨਮਾਨਿਆ ਸੀ।
ਸੁਖਦੇਵ ਸਿੰਘ ਢੀਂਡਸਾ ਨੇ ਬੈਸਟ ਸੰਸਦ ਮੈਂਬਰ ਦਾ ਐਵਾਰਡ ਇਹ ਕਹਿ ਕੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਇਸ ਲਈ ਮਰਿਆਦਾ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਦੇ ਰਾਜ ਦੌਰਾਨ ਪਾਰਟੀ ਅੰਦਰ ਆਈ ਗਿਰਾਵਟ ਦਾ ਮੁੱਦਾ ਪਾਰਟੀ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਕੋਲ ਉਠਾਉਣ ਤੋਂ ਬਾਅਦ ਜਦੋਂ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਅਹੁਦਿਆਂ ਤੋਂ ਅਸਤੀਫਾ ਦੇ ਕੇ ਅਕਾਲੀ ਸਿਆਸਤ ‘ਚ ਖਲਬਲੀ ਮਚਾ ਦਿੱਤੀ ਅਤੇ ਫਿਰ ਅਕਾਲੀ ਦਲ ਸੰਯੁਕਤ ਦਾ ਗਠਨ ਕੀਤਾ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਖ਼ੁਦ ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਜਾ ਕੇ ਰਲੇਵਾਂ ਕਰ ਆਏ ਪਰ ਮਾਮਲਾ ਜਿਉਂ ਦਾ ਤਿਉਂ ਬਰਕਰਾਰ ਰਿਹਾ। ਮੌਜੂਦਾ ਸਮੇਂ ਪੰਥਕ ਸਿਆਸਤ ਮੁੜ ਗਰਮਾਈ ਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਸਨਮੁੱਖ ਪੇਸ਼ ਹੋਏ, ਸਿੰਘ ਸਾਹਿਬਾਨ ਵੱਲੋਂ ਧਾਰਮਿਕ ਤੇ ਸਿਆਸੀ ਸਜ਼ਾ ਸੁਣਾਈ ਗਈ, ਸੁਖਦੇਵ ਸਿੰਘ ਢੀਂਡਸਾ ਨੇ ਵਡੇਰੀ ਉਮਰ ‘ਚ ਸਜ਼ਾ ਪੂਰੀ ਕਰਕੇ ਸੁਰਖੁਰੂ ਹੋ ਕੇ ਬਕਾਇਦਾ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਵਾਈ। ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਢੀਂਡਸਾ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ।

RELATED ARTICLES
POPULAR POSTS