ਭ੍ਰਿਸ਼ਟਾਚਾਰ ਰੋਕਣ ‘ਚ ਨਾਕਾਮ ਰਹਿਣ ‘ਤੇ ਕੀਤੀ ਕਾਰਵਾਈ; ਗੁਰਮੀਤ ਸਿੰਘ ਨਵੇਂ ਐੱਸਐੱਸਪੀ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਗੁਰਮੀਤ ਸਿੰਘ (ਪੀਪੀਐੱਸ) ਨੂੰ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ।
ਗੁਰਮੀਤ ਸਿੰਘ ਪਹਿਲਾਂ ਜ਼ੋਨਲ ਏਆਈਜੀ ਸੀਆਈਡੀ ਪਟਿਆਲਾ ਵਿਖੇ ਤਾਇਨਾਤ ਸਨ। ਫਿਲਹਾਲ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਫਾਜ਼ਿਲਕਾ ਨੂੰ ਮੁਅੱਤਲ ਕਰਨ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਬਰਾੜ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਮਰੱਥ ਰਹੇ ਹਨ। ਵੇਰਵਿਆਂ ਅਨੁਸਾਰ ਫਾਜ਼ਿਲਕਾ ਦੇ ਧਰਮਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਫਾਜ਼ਿਲਕਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਮੁਲਾਜ਼ਮਾਂ ਖਿਲਾਫ ਸ਼ਿਕਾਇਤ ਕੀਤੀ ਸੀ ਅਤੇ ਸਬੂਤ ਵੀ ਪੇਸ਼ ਕੀਤੇ ਸਨ। ਧਰਮਿੰਦਰ ਸਿੰਘ ਦੇ 17 ਸਾਲ ਦੇ ਲੜਕੇ ਦੇ ਜ਼ਬਤ ਕੀਤੇ ਫ਼ੋਨ ਦਾ ਮਾਮਲਾ ਨਿਬੇੜਨ ਲਈ ਪੁਲਿਸ ਮੁਲਾਜ਼ਮਾਂ ਨੇ ਇੱਕ ਲੱਖ ਰੁਪਏ ਮੰਗੇ ਸਨ ਤੇ ਇਸ ਮਾਮਲੇ ‘ਚ ਪੀੜਤ ਪਰਿਵਾਰ ‘ਤੇ ਪਰਚਾ ਦਰਜ ਕੀਤੇ ਜਾਣ ਦੀ ਧਮਕੀ ਵੀ ਦਿੱਤੀ ਸੀ। ਇਸ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਫਾਜ਼ਿਲਕਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਮਨਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਰਾਜਪਾਲ (ਰੀਡਰ ਟੂ ਐੱਸਐੱਚਓ), ਸੀਨੀਅਰ ਕਾਂਸਟੇਬਲ ਸ਼ਿੰਦਰ ਪਾਲ ਅਤੇ ਸੀਨੀਅਰ ਕਾਂਸਟੇਬਲ ਸੁਮੀਤ ਕੁਮਾਰ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

