
ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਵੱਲੋਂ ਐਤਵਾਰ ਨੂੰ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੂਸਾਰ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ ਵੀ ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ ਰਾਹੀਂ ਸੀਵਰੇਜ ਪਾਈਪ ਵਿਛਾਉਣ ਦੇ ਮੁੱਦੇ ’ਤੇ ਡੱਲੇਵਾਲ ਦੀ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਤੇ ਸਾਥੀ ਇਸ ਮਾਮਲੇ ਨੂੰ ਲੈ ਕੇ 27 ਮਈ ਤੋਂ ਮਰਨ ਵਰਤ ’ਤੇ ਚੱਲ ਰਹੇ ਹਨ।

