
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਮੁੱਖ ਤੌਰ ’ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਭੂ-ਮਾਫੀਆ ਵਿਰੁੱਧ ਬਣਾਈ ਗਈ ਹੈ। ਇਹ ਨੀਤੀ ਪੂਰੀ ਤਰ੍ਹਾਂ ਸਵੈ-ਇੱਛਤ ਭਾਗੀਦਾਰੀ ’ਤੇ ਆਧਾਰਿਤ ਹੈ, ਜਿੱਥੇ ਕਿਸਾਨ ਆਪਣੀ ਮਰਜ਼ੀ ਨਾਲ ਹੀ ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾ ਸਕੇਗੀ। ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਕਿਸਾਨ ਦੀ ਮਰਜ਼ੀ ’ਤੇ ਹੋਵੇਗਾ। ਜ਼ਮੀਨ ਦੇਣ ਵਾਲੇ ਕਿਸਾਨ ਨੂੰ ਸਰਕਾਰ ਪੂਰੀ ਤਰ੍ਹਾਂ ਵਿਕਸਤ ਰਿਹਾਇਸ਼ੀ ਅਤੇ ਵਪਾਰਕ ਪਲਾਟ ਵਾਪਸ ਕਰੇਗੀ, ਜਿਸ ਵਿੱਚ ਸੜਕ, ਬਿਜਲੀ, ਪਾਣੀ, ਸੀਵਰੇਜ, ਪਾਰਕ ਆਦਿ ਸਾਰੀਆਂ ਸੁਵਿਧਾਵਾਂ ਹੋਣਗੀਆਂ।

