
ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਭਾਜਪਾ ਆਗੂ ਹਾਜ਼ਰ ਰਹੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਹੁਣ ਮੌਕਾ ਹੈ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ। ਜਾਖੜ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕੀਤਾ ਹੋਇਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪੰਜਾਬ ਸਰਕਾਰ ’ਚ ਵੱਡੀ ਪੱਧਰ ’ਤੇ ਭਿ੍ਰਸ਼ਟਾਚਾਰ ਹੋ ਰਿਹਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ 35 ਸਾਲ ਪੁਰਾਣੇ ਵਰਕਰ ਨੂੰ ਟਿਕਟ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਜੀਵਨ ਗੁਪਤਾ ਦਾ ਕਹਿਣਾ ਸੀ ਕਿ ਅਸੀਂ ਵੱਡੇ ਫਰਕ ਨਾਲ ਇਹ ਜ਼ਿਮਨੀ ਚੋਣ ਜਿੱਤਾਂਗੇ।

