
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ : ਘਬਰਾਉਣ ਦੀ ਲੋੜ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਸ ਸਮੇਂ ਭਾਰਤ ਵਿਚ ਕਰੋਨਾ ਤੋਂ ਐਕਟਿਵ ਮਰੀਜ਼ਾਂ ਦੀ ਗਿਣਤੀ 4 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਸਿਹਤ ਵਿਭਾਗ ਦੀ ਵੈਬਸਾਈਟ ਮੁਤਾਬਕ 10 ਦਿਨਾਂ ਵਿਚ 15 ਗੁਣਾ ਮਾਮਲੇ ਵਧੇ ਹਨ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 34 ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਵਿਚ ਹੀ 6 ਮੌਤਾਂ ਹੋ ਗਈਆਂ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿਚ ਕਰੋਨਾ ਨੂੰ ਲੈ ਕੇ ਸਥਿਤੀ ’ਤੇ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਪਰ ਸਾਵਧਾਨੀਆਂ ਵਰਤਣ ਦੀ ਲੋੜ ਜ਼ਰੂਰ ਹੈ। ਉਨ੍ਹਾਂ ਦੱਸਿਆ ਇਹ ਕੋਈ ਨਵਾਂ ਵੈਰੀਐਂਟ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਕੁਝ ਸੂਬਿਆਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵੀ ਹੈ।

