
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਸੁਰੱਖਿਆ ਕਰਮਚਾਰੀ ਲਾਪਤਾ ਹੋ ਗਏ ਹਨ। ਇੱਕ ਰੱਖਿਆ ਅਧਿਕਾਰੀ ਨੇ ਅੱਜ ਸੋਮਵਾਰ ਨੂੰ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਭਾਰੀ ਬਾਰਿਸ਼ ਕਾਰਨ ਵਾਪਰਿਆ। ਰੱਖਿਆ ਅਧਿਕਾਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ 6 ਲਾਪਤਾ ਕਰਮਚਾਰੀਆਂ ਨੂੰ ਲੱਭਣ ਲਈ ਚੁਣੌਤੀਪੂਰਨ ਹਾਲਤਾਂ ਵਿੱਚ ਦਿਨ-ਰਾਤ ਕੰਮ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਸਿੱਕਮ ਪਿਛਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਨਾਲ ਕਾਫ਼ੀ ਪ੍ਰਭਾਵਿਤ ਹੋਇਆ ਹੈ।

