
ਦਲਿਤ ਪਰਿਵਾਰਾਂ ਦਾ 67 ਕਰੋੜ ਰੁਪਏ ਦਾ ਕਰਜ਼ਾ ਮੁਆਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ 31 ਮਾਰਚ 2020 ਤੱਕ ਦੇ ਬਕਾਇਆ ਕਰਜ਼ਿਆਂ ਨੂੰ ਮਾਫ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਰਜ਼ਾ ਮੁਆਫ਼ੀ ਲਈ ਭੱਜ-ਦੌੜ ਕਰ ਰਹੇ ਸਨ ਕਿਉਂਕਿ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਾਲ ਮਾਰਚ ਵਿਚ ਵਿੱਤੀ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕੀਤੇ ਜਾਣ ਮੌਕੇ ਇਨ੍ਹਾਂ ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ।