
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਵਿਚ ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸੀ। ਧਿਆਨ ਰਹੇ ਕਿ ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਕੌਮ ਦੇ ਨਾਂ ਸੰਦੇਸ਼ ਦਿੰਦੇ ਹਨ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਟਕਸਾਲ ਉਸ ਦਾ ਵਿਰੋਧ ਕਰੇਗੀ।

