ਰਵਨੀਤ ਬਿੱਟੂ ਅਤੇ ਨਵਜੋਤ ਸਿੱਧੂ ਦੇ ਬਿਆਨਾਂ ਨੂੰ ਵੀ ਮੀਡੀਆ ਸਾਹਮਣੇ ਕੀਤਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ ਚ ਲੰਮੇ ਹੱਥੀ ਲਿਆ। ਉਨ੍ਹਾਂ ਖ਼ਾਸ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੌਜੂਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ’ਤੇ ਚਿੱਟੇ ਦੇ ਵਪਾਰੀਆਂ ਨਾਲ ਖੜੇ੍ਹ ਹੋਣ ਦਾ ਵੀ ਆਰੋਪ ਲਾਇਆ। ਉਹਨਾਂ ਨੇ ਭਾਜਪਾ ਦੇ ਨੇਤਾ ਰਵਨੀਤ ਸਿੰਘ ਬਿੱਟੂ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਸਮੇਂ-ਸਮੇਂ ਦਿੱਤੇ ਬਿਆਨਾਂ ਨੂੰ ਵੀ ਮੀਡੀਆ ਦੇ ਸਾਹਮਣੇ ਪੇਸ਼ ਕਰਦੇ ਹੋਏ ਉਨ੍ਹਾਂ ਦੇ ਦੋਗਲੇ ਚਿਹਰਿਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ। ਹਰਪਾਲ ਸਿੰਘ ਚੀਮਾ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਵੀ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵਰਗੇ ਵਿਅਕਤੀਆਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਹ ਆਗੂ ਚਿੱਟੇ ਦੇ ਵਪਾਰੀਆਂ ਨਾਲ ਖੜੇ੍ਹ ਹੋਣ ਦੇ ਹੁੰਗਾਰੇ ਭਰ ਰਹੇ ਹਨ।