ਪੀਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਅੱਜ ਸਵੇਰੇ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਰਿਐਕਟਰ ਯੂਨਿਟ ਵਿਚ ਧਮਾਕਾ ਹੋ ਗਿਆ। ਇਸ ਘਟਨਾ ਵਿਚ 12 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 34 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਭਿਆਨਕ ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ ਹੈ। ਆਈ.ਜੀ. ਸੱਤਿਆ ਨਰਾਇਣ ਨੇ ਦੱਸਿਆ ਕਿ ਘਟਨਾ ਮੌਕੇ ਫੈਕਟਰੀ ਵਿਚ 150 ਵਿਅਕਤੀ ਸਨ ਅਤੇ ਜਿੱਥੇ ਇਹ ਧਮਾਕਾ ਹੋਇਆ, ਉਥੇ 90 ਵਿਅਕਤੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਿਐਕਟਰ ’ਚ ਤੇਜ਼ੀ ਨਾਲ ਕੈਮੀਕਲ ਰਿਐਕਸ਼ਨ ਹੋਣ ਨਾਲ ਧਮਾਕੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਇਸ ਹਾਦਸੇ ’ਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਹਰੇਕ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।