ਤਿਲੰਗਾਨਾ ਦੇ ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਲਈ 1-1 ਕਰੋੜ ਰੁਪਏ ਮੁਆਵਜ਼ੇ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਲੰਘੇ ਕੱਲ੍ਹ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ 36 ਹੋ ਗਈ ਹੈ ਅਤੇ 30 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਫਾਰਮਾ ਪਲਾਂਟ ਦੇ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਵਾਰਸਾਂ ਨੂੰ ਇਕ-ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਗੰਭੀਰ ਜ਼ਖਮੀਆਂ ਨੂੰ 10-10 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐਮ ਨੈਸ਼ਨਲ ਰਿਲੀਫ ਫੰਡ ਵਿਚੋਂ ਇਸ ਧਮਾਕੇ ’ਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਮੱਦਦ ਦਾ ਐਲਾਨ ਕੀਤਾ ਸੀ। ਉਧਰ ਦੂਜੇ ਪਾਸੇ ਤਾਮਿਲਨਾਡੂ ਦੇ ਸ਼ਿਵਕਾਸ਼ੀ ’ਚ ਅੱਜ ਮੰਗਲਵਾਰ ਨੂੰ ਇਕ ਪਟਾਖਾ ਫੈਕਟਰੀ ਵਿਚ ਵੀ ਜ਼ੋਰਦਾਰ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਪੰਜ ਵਿਅਕਤੀਆਂ ਦੀ ਜਾਨ ਚਲੇ ਗਈ ਹੈ ਅਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਏ ਹਨ।