ਸੂਬੇ ਵਿਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਮੈਗਾ ਘਪਲਾ ਕਰਾਰ
ਮੋਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੰਜ ਸਾਲਾਂ ਲਈ ਮੁਅੱਤਲੀ ਤੋਂ ਵਿਰੋਧੀ ਧਿਰਾਂ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸੇਧੇ ਹਨ।
ਪ੍ਰੈੱਸ ਕਾਨਫਰੰਸ ਵਿੱਚ ਬਾਜਵਾ ਨੇ ਕਿਹਾ ਕਿ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦੀ ਮੁਅੱਤਲੀ ਦਰਸਾਉਂਦੀ ਹੈ ਕਿ ਪਾਰਟੀ ‘ਚ ਤਾਨਾਸ਼ਾਹੀ ਅਧੀਨ ਅਸਹਿਮਤੀ ਜਾਂ ਸੱਚੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।
ਉਨ੍ਹਾਂ ਭ੍ਰਿਸ਼ਟਾਚਾਰ ਦੇ ਗੰਭੀਰ ਆਰੋਪਾਂ ਵਿੱਚੋਂ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕਲੀਨ ਚਿੱਟ ਦੇਣ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਨਿੱਡਰਤਾ ਅਤੇ ਇਮਾਨਦਾਰੀ ਨਾਲ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਪਰ ਦੇਰ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ‘ਵਰਤੇ’ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਕਾਂਗਰਸੀ ਆਗੂ ਨੇ ਸੂਬੇ ਵਿੱਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਨੂੰ ਕਥਿਤ ਮੈਗਾ ਘੁਟਾਲਾ ਕਰਾਰ ਦਿੰਦੇ ਹੋਏ ਸੂਬੇ ‘ਚ ਕਿਸਾਨਾਂ ਦੀ 40 ਹਜ਼ਾਰ ਏਕੜ ਖੇਤੀ ਯੋਗ ਜ਼ਮੀਨ ‘ਤੇ ਨਵੀਂ ਅਰਬਨ ਅਸਟੇਟ ਵਿਕਸਤ ਕਰਨ ਦੀ ਯੋਜਨਾ ਬਾਰੇ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰ ਨੂੰ ਜ਼ਮੀਨਾਂ ਐਕੁਆਇਰ ਨਹੀਂ ਕਰਨ ਦਿੱਤੀਆਂ ਜਾਣਗੀਆਂ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …