Breaking News
Home / ਪੰਜਾਬ / ਪੰਜਾਬ ਸਰਕਾਰ 8500 ਕਰੋੜ ਰੁਪਏ ਦਾ ਹੋਰ ਲਵੇਗੀ ਕਰਜ਼ਾ

ਪੰਜਾਬ ਸਰਕਾਰ 8500 ਕਰੋੜ ਰੁਪਏ ਦਾ ਹੋਰ ਲਵੇਗੀ ਕਰਜ਼ਾ

ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੱਕ ਹੋਣ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਭਗਵੰਤ ਮਾਨ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ‘ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫਤੇ ਕਰਜ਼ਾ ਚੁੱਕਿਆ ਜਾਣਾ ਹੈ। ਇਕੱਲੇ ਜੁਲਾਈ ਮਹੀਨੇ ‘ਚ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ ਜਦਕਿ ਅਗਸਤ ਮਹੀਨੇ ਤਿੰਨ ਹਜ਼ਾਰ ਕਰੋੜ ਦਾ ਉਧਾਰ ਚੁੱਕਿਆ ਜਾਣਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਤੰਬਰ ਮਹੀਨੇ ਵਿੱਚ 3500 ਕਰੋੜ ਰੁਪਏ ਕਰਜ਼ਾ ਲਿਆ ਜਾਣਾ ਹੈ। ਇਨ੍ਹਾਂ ਤਿੰਨ ਮਹੀਨਿਆਂ ਵਿੱਚ ਹਰ ਹਫਤੇ ਪੰਜ ਸੌ ਕਰੋੜ ਤੋਂ 1500 ਕਰੋੜ ਰੁਪਏ ਦਾ ਤੱਕ ਦਾ ਕਰਜ਼ਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੀ ਪਹਿਲੀ ਅਤੇ ਦੂਜੀ ਤਿਮਾਹੀ ਦੌਰਾਨ ਕੁੱਲ ਚੁੱਕਿਆ ਕਰਜ਼ਾ 14,741.92 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਅਪਰੈਲ ਤੇ ਮਈ ਮਹੀਨੇ ਵਿੱਚ ਵੀ 6241.92 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। ਜੂਨ ਮਹੀਨੇ ਵਿੱਚ ਕੋਈ ਕਰਜ਼ਾ ਨਾ ਲਏ ਜਾਣ ਦਾ ਪਤਾ ਲੱਗਾ ਹੈ। ਪੰਜਾਬ ਸਿਰ 31 ਮਾਰਚ 2025 ਤੱਕ 3.82 ਲੱਖ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਸੀ ਜੋ ਕਿ ਕੁੱਲ ਘਰੇਲੂ ਉਤਪਾਦਨ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਅਨੁਮਾਨ ਹੈ ਕਿ 31 ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਭਾਰ ਚਾਰ ਲੱਖ ਕਰੋੜ ਨੂੰ ਛੂਹ ਜਾਵੇਗਾ। ਇਸ ਲਿਹਾਜ਼ ਨਾਲ ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ ਹੈ। ਪੰਜਾਬ ਸਰਕਾਰ ਦਾ ਇਸ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ ਹੈ। ਥੋੜ੍ਹਾ ਸਮਾਂ ਪਹਿਲਾਂ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕਈ ਹਵਾਲੇ ਦੇ ਕੇ ਪੰਜਾਬ ਸਰਕਾਰ ਦੀ ਕਰਜ਼ਾ ਹੱਦ ‘ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਸੀ ਜਿਸ ‘ਚੋਂ ਬਾਅਦ ਵਿੱਚ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਬਹਾਲੀ ਕਰ ਦਿੱਤੀ ਗਈ ਸੀ।
ਕਦੋਂ ਕਿੰਨਾ ਕਰਜ਼ਾ ਚੁੱਕਿਆ ਜਾਵੇਗਾ
8 ਜੁਲਾਈ ਨੂੰ 500 ਕਰੋੜ, 15 ਜੁਲਾਈ 500 ਕਰੋੜ, 22 ਜੁਲਾਈ 500 ਕਰੋੜ, 29 ਜੁਲਾਈ 500 ਕਰੋੜ, 5 ਅਗਸਤ 1500 ਕਰੋੜ, 12 ਅਗਸਤ 1000 ਕਰੋੜ, 19 ਅਗਸਤ 500 ਕਰੋੜ, 2 ਸਤੰਬਰ 1500 ਕਰੋੜ, 9 ਸਤੰਬਰ 500 ਕਰੋੜ, 23 ਸਤੰਬਰ 500 ਕਰੋੜ ਤੇ 30 ਸਤੰਬਰ ਨੂੰ 1000 ਕਰੋੜ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …