ਲੁਧਿਆਣਾ ਦੇ ਲੇਖਾਕਾਰ ਨੇ 20 ਮਜ਼ਦੂਰਾਂ ਦੇ ਨਾਮ ‘ਤੇ ਬਣਾਈਆਂ ਜਾਅਲੀ ਫਰਮਾਂ
ਚੰਡੀਗੜ੍ਹ : ਲੁਧਿਆਣਾ ਦੇ ਇਕ ਲੇਖਾਕਾਰ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ ਸੀ। ਲੇਖਾਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ 800 ਰੁਪਏ ਦਿਹਾੜੀ ਦੇਣ ਦਾ ਲਾਲਚ ਦੇ ਕੇ 20 ਮਜ਼ਦੂਰਾਂ/ਬੇਰੁਜ਼ਗਾਰ ਨੌਜਵਾਨਾਂ ਦੇ ਨਾਮ ‘ਤੇ 20 ਜਾਅਲੀ ਫਰਮਾਂ ਬਣਾਈਆਂ ਅਤੇ ਇਨ੍ਹਾਂ ਫਰਮਾਂ ਰਾਹੀਂ 866.67 ਕਰੋੜ ਦਾ ਧੋਖਾਧੜੀ ਵਾਲਾ ਲੈਣ-ਦੇਣ ਕੀਤਾ, ਜਿਨ੍ਹਾਂ ਦੇ ਅਧਾਰ ‘ਤੇ ਜਾਅਲੀ ਬਿੱਲ ਜਮ੍ਹਾਂ ਕਰਾ ਕੇ ਸਰਕਾਰ ਕੋਲ 157.22 ਕਰੋੜ ਦਾ ਇਨਪੁਟ ਟੈਕਸ ਕ੍ਰੈਡਿਟ ਦਾ ਦਾਅਵਾ ਕਰ ਦਿੱਤਾ ਤੇ ਵਿੱਤੀ ਫਾਇਦਾ ਲੈਣ ਵਿੱਚ ਸਫਲ ਹੋ ਗਿਆ।
ਜਿਨ੍ਹਾਂ ਮਜ਼ਦੂਰਾਂ ਦੇ ਬੈਂਕ ਖਾਤਿਆਂ ਅਤੇ ਆਧਾਰ ਕਾਰਡਾਂ ਦੀ ਵਰਤੋਂ ਕੀਤੀ ਗਈ, ਉਹ ਮਜ਼ਦੂਰ ਆਪਣੇ ਕਰੋੜਾਂ ਰੁਪਏ ਦੇ ਕਾਰੋਬਾਰ ਤੋਂ ਬੇਖ਼ਬਰ ਹਨ ਕਿ ਉਨ੍ਹਾਂ ਦੇ ਨਾਮ ‘ਤੇ ਕਿਤੇ ਅਜਿਹਾ ਵੀ ਹੋ ਰਿਹਾ ਹੈ। ਲੇਖਾਕਾਰ ਨੇ ਇਹ ਫ਼ਰਮਾਂ ਸਿਰਫ਼ ਕਾਗ਼ਜ਼ਾਂ ‘ਚ ਹੀ ਖੜ੍ਹੀਆਂ ਕੀਤੀਆਂ, ਜਿਨ੍ਹਾਂ ਦੀ ਕਿਧਰੇ ਕੋਈ ਮੌਜੂਦਗੀ ਨਹੀਂ ਸੀ ਅਤੇ ਨਾ ਹੀ ਕੋਈ ਦਫਤਰੀ ਇਮਾਰਤ ਸੀ। ਇੱਥੋਂ ਤੱਕ ਕਿ ਅਸਲ ਵਿੱਚ ਕੋਈ ਵਪਾਰਕ ਗਤੀਵਿਧੀ ਵੀ ਨਹੀਂ ਸੀ।
ਲੇਖਾਕਾਰ ਨੇ ਸਾਲ 2023 ਤੋਂ ਇਹ ਧੰਦਾ ਸ਼ੁਰੂ ਕੀਤਾ ਹੋਇਆ ਸੀ ਜਿਸ ‘ਚ 157.22 ਕਰੋੜ ਦੇ ਇਨਪੁੱਟ ਟੈਕਸ ਕ੍ਰੈਡਿਟ (ਆਈਟੀਸੀ) ਦਾ ਦਾਅਵਾ ਕੀਤਾ ਗਿਆ। ਟੈਕਸੇਸ਼ਨ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਸਾਲ 2023-24 ਵਿੱਚ ਜਾਅਲੀ ਬਿੱਲ ਤਿਆਰ ਕਰਕੇ 249 ਕਰੋੜ ਦਾ ਲੈਣ-ਦੇਣ ਦਿਖਾ ਕੇ 45.12 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ ਅਤੇ 2024-25 ਵਿੱਚ 569.54 ਕਰੋੜ ਰੁਪਏ ਦੇ ਲੈਣ-ਦੇਣ ਦਿਖਾ ਕੇ 104.08 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ ਗਿਆ।
ਇਸੇ ਤਰ੍ਹਾਂ ਚਾਲੂ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ਵਿੱਚ 47.25 ਕਰੋੜ ਦਾ ਲੈਣ ਦੇਣ ਦਿਖਾ ਕੇ 8.01 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ ਗਿਆ। ਇਸ ਸਮੁੱਚੀ ਧੋਖਾਧੜੀ ਦਾ ਪਰਦਾਫਾਸ਼ ਟੈਕਸੇਸ਼ਨ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਨੇ ਕੀਤਾ ਹੈ ਅਤੇ ਇਸ ਦਾ ਪੁਲੀਸ ਕੇਸ ਵੀ ਦਰਜ ਕਰਵਾਇਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ ‘ਚ ਅਹਿਮ ਸਬੂਤ ਜ਼ਬਤ ਕੀਤੇ ਗਏ ਹਨ ਅਤੇ ਇਨ੍ਹਾਂ ‘ਚ ਬਿਨਾਂ ਦਸਤਖ਼ਤ ਵਾਲੇ ਚੈੱਕ ਬੁੱਕ, ਜਾਅਲੀ ਇਨਵੌਇਸ ਬੁੱਕ ਅਤੇ 40 ਲੱਖ ਰੁਪਏ ਨਕਦੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ‘ਚ ਅਜਿਹੇ ਕਾਰਨਾਮੇ ਕਰਨ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇ।
ਜੀਐੱਸਟੀ ਉਗਰਾਹੀ ਵਿੱਚ 44.4 ਫ਼ੀਸਦ ਦਾ ਵਾਧਾ : ਚੀਮਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਜੂਨ 2025 ਵਿੱਚ ਨਵਾਂ ਰਿਕਾਰਡ ਕਾਇਮ ਕਰਦਿਆਂ ਪਿਛਲੇ ਸਾਲ ਦੇ ਜੂਨ ਮਹੀਨੇ ਦੇ ਮੁਕਾਬਲੇ 44.44 ਫ਼ੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੀ ਪਹਿਲੀ ਤਿਮਾਹੀ ਵਿੱਚ ਵੀ ਜੀਐੱਸਟੀ ਕੁਲੈਕਸ਼ਨ ‘ਚ 27.01 ਫ਼ੀਸਦ ਦਾ ਵਾਧਾ ਦਰਜ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੂਨ 2025 ਵਿੱਚ 2379.90 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 732.21 ਕਰੋੜ ਰੁਪਏ ਵੱਧ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਸੂਬੇ ਵਿੱਚ ਸਭ ਤੋਂ ਵੱਧ ਟੈਕਸ ਦਾ ਭੁਗਤਾਨ ਕਰਨ ਵਾਲੇ ਪੰਜ ਕਰਦਾਤਿਆਂ ਨੂੰ ਸਨਮਾਨਿਤ ਵੀ ਕੀਤਾ। ਪਿਛਲੇ ਸਾਲ ਜੂਨ ਮਹੀਨੇ ‘ਚ 1647.69 ਕਰੋੜ ਰੁਪਏ ਜੀਐੱਸਟੀ ਪ੍ਰਾਪਤ ਹੋਇਆ ਸੀ। ਉਨ੍ਹਾਂ ਕਿਹਾ ਕਿ ਅਪਰੈਲ ਮਹੀਨੇ ‘ਚ 15.35 ਫ਼ੀਸਦ ਤੇ ਮਈ ‘ਚ 24.59 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਇਸ ਤਰ੍ਹਾਂ ਸੂਬਾ ਸਰਕਾਰ ਨੇ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਵਿੱਚ 6,830.40 ਕਰੋੜ ਰੁਪਏ ਜੀਐੱਸਟੀ ਦੇ ਮਾਲੀਏ ਵਜੋਂ ਇਕੱਠੇ ਕੀਤੇ ਹਨ। ਪਿਛਲੇ ਸਾਲ ਪਹਿਲੀ ਤਿਮਾਹੀ ਵਿੱਚ 5,377.75 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਸੀ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰ ਦੀਆਂ ਮਾੜੀਆਂ ਕਾਰਗੁਜ਼ਾਰੀਆਂ ਕਰਕੇ ਸੂਬੇ ਦੇ ਵਿੱਤੀ ਹਾਲਾਤ ਵਿਗੜੇ ਹੋਏ ਹਨ ਪਰ ‘ਆਪ’ ਸਰਕਾਰ ਦੀ ਲੋਕ ਪੱਖੀ ਸੋਚ ਸਦਕਾ ਅੱਜ ਸੂਬਾ ਆਰਥਿਕ ਪੱਖੋਂ ਵੀ ਤਰੱਕੀ ਕਰ ਰਿਹਾ ਹੈ।

